ਪੰਜਾਬ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਨੂੰ ਕੇਂਦਰ ਸਰਕਾਰ ਦੀ ‘ਪ੍ਰਗਤੀ-50’ ਪਹਿਲਕਦਮੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੋਵਾਂ ਸ਼ਹਿਰਾਂ ਨੂੰ ਸ਼ਹਿਰੀ ਸਫ਼ਾਈ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ਵਿੱਚ ਮਾਡਲ ਸ਼ਹਿਰਾਂ ਵਜੋਂ ਵਿਕਸਤ ਕੀਤਾ ਜਾਵੇਗਾ। ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਨੇ ਮੰਗਲਵਾਰ ਨੂੰ ‘ਸਵੱਛ ਭਾਰਤ ਮਿਸ਼ਨ-ਸ਼ਹਿਰੀ 2.0’ ਤਹਿਤ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਦੇਸ਼ ਦੇ 24 ਰਾਜਾਂ ਦੇ ਕੁੱਲ 50 ਸ਼ਹਿਰਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।

ਪਹਿਲਕਦਮੀ ਤਹਿਤ ਸਿਰਫ਼ ਰੋਜ਼ਾਨਾ ਸਫ਼ਾਈ ’ਤੇ ਹੀ ਨਹੀਂ, ਸਗੋਂ ਵਿਗਿਆਨਕ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਵਰਤੇ ਗਏ ਪਾਣੀ ਦੇ ਪ੍ਰਬੰਧਨ ਅਤੇ ਵਿਆਪਕ ਸੈਨੀਟੇਸ਼ਨ ਪ੍ਰਣਾਲੀ ’ਤੇ ਵੀ ਕੰਮ ਕੀਤਾ ਜਾਵੇਗਾ। ਕੂੜਾ ਇਕੱਠਾ ਕਰਨ, ਢੋਆ-ਢੁਆਈ, ਪ੍ਰੋਸੈਸਿੰਗ ਅਤੇ ਨਿਪਟਾਰੇ ਦੀਆਂ ਪ੍ਰਣਾਲੀਆਂ ਨੂੰ ਵੀ ਸੁਧਾਰਿਆ ਜਾਵੇਗਾ।

ਯੋਜਨਾ ਦੀ ਨਿਗਰਾਨੀ ਲਈ ਡਿਜੀਟਲ ਟਰੈਕਿੰਗ ਪ੍ਰਣਾਲੀ ਤਿਆਰ ਕੀਤੀ ਗਈ ਹੈ। ਇਸ ਰਾਹੀਂ ਚੁਣੇ ਗਏ ਸ਼ਹਿਰਾਂ ਵਿੱਚ ਸਫ਼ਾਈ ਨਾਲ ਸਬੰਧਤ ਕੰਮਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇਗੀ। ਕੇਂਦਰੀ ਮੰਤਰੀ ਮਨੋਹਰ ਲਾਲ ਹਰ ਦੋ ਮਹੀਨਿਆਂ ਬਾਅਦ ਪ੍ਰਗਤੀ ਦੀ ਸਮੀਖਿਆ ਕਰਨਗੇ।

ਲੁਧਿਆਣਾ ਪੰਜਾਬ ਦਾ ਪ੍ਰਮੁੱਖ ਉਦਯੋਗਿਕ ਕੇਂਦਰ ਹੈ, ਜਦਕਿ ਅੰਮ੍ਰਿਤਸਰ ਧਾਰਮਿਕ ਅਤੇ ਸੈਰ-ਸਪਾਟਾ ਪੱਖੋਂ ਮਹੱਤਵਪੂਰਨ ਸ਼ਹਿਰ ਹੈ। ਦੋਵਾਂ ਸ਼ਹਿਰਾਂ ਦੀ ਚੋਣ ਨਾਲ ਸਫ਼ਾਈ ਅਤੇ ਕੂੜਾ ਪ੍ਰਬੰਧਨ ਦੇ ਮਿਆਰਾਂ ਨੂੰ ਸੁਧਾਰਨ ਲਈ ਕੇਂਦਰੀ ਪਹਿਲਕਦਮੀ ਹੇਠ ਕੰਮ ਕਰਨ ਦਾ ਰਾਹ ਖੁੱਲ੍ਹਿਆ ਹੈ।