ਗਾਂਧੀ ਜੈਅੰਤੀ ਮੌਕੇ ਰੁਜ਼ਗਾਰ ਅਤੇ ਸੇਵਾ ਸਬੰਧੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰਾਂ ਅਤੇ ਸਪੈਸ਼ਲ ਕਾਡਰ ਅਧਿਆਪਕਾਂ ਦੀ ਪੁਲਿਸ ਨਾਲ ਧੱਕਾ-ਮੁੱਕੀ ਹੋ ਗਈ। ਬੈਰੀਕੇਡਿੰਗ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਹੋਈ ਖਿੱਚ-ਧੂਹ ਵਿੱਚ ਕੁਝ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ, ਜਦਕਿ ਕੁਝ ਪੁਲਿਸ ਮੁਲਾਜ਼ਮਾਂ ਦੀਆਂ ਨੇਮ ਪਲੇਟਾਂ ਵੀ ਟੁੱਟ ਗਈਆਂ। ਬੇਰੁਜ਼ਗਾਰਾਂ ਦੇ ਪ੍ਰਦਰਸ਼ਨ ਦੌਰਾਨ ਇੱਕ ਪ੍ਰਦਰਸ਼ਨਕਾਰੀ ਬੇਹੋਸ਼ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀ ਪਹਿਲਾਂ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਅਤੇ ਦੁਪਹਿਰ ਕਰੀਬ ਇੱਕ ਵਜੇ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ। ਕੋਠੀ ਦੇ ਨੇੜੇ ਪੁਲਿਸ ਵੱਲੋਂ ਲਾਈਆਂ ਬੈਰੀਕੇਡਾਂ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਕਈ ਵਾਰ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਨਾਲ ਸਿੱਧੀ ਮੀਟਿੰਗ ਦੀ ਮੰਗ ਕਰ ਰਹੇ ਸਨ। ਬੇਰੁਜ਼ਗਾਰਾਂ ਨੇ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਨਵੀਆਂ ਭਰਤੀਆਂ ਕਰਨ, ਉਮਰ ਹੱਦ ਵਿੱਚ ਛੋਟ ਦੇਣ ਅਤੇ 55 ਫ਼ੀਸਦੀ ਅੰਕਾਂ ਵਾਲੀ ਸ਼ਰਤ ਖ਼ਤਮ ਕਰਨ ਦੀ ਮੰਗ ਰੱਖੀ। ਇਸ ਦੌਰਾਨ ਫ਼ਾਜ਼ਿਲਕਾ ਦੇ ਪਿੰਡ ਖੁਰਾਣਾ ਵਾਸੀ ਮੁਨੀਸ਼ ਕੁਮਾਰ ਮੁੱਖ ਮੰਤਰੀ ਦੀ ਕੋਠੀ ਨੇੜੇ ਸਥਿਤ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਇਸ ਤੋਂ ਬਾਅਦ ਬੇਰੁਜ਼ਗਾਰਾਂ ਨੇ ਆਪਣਾ ਧਰਨਾ ਟੈਂਕੀ ਨੇੜੇ ਤਬਦੀਲ ਕਰ ਦਿੱਤਾ।
ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਆਗੂਆਂ ਨੂੰ 6 ਅਕਤੂਬਰ ਨੂੰ ਮੁੱਖ ਮੰਤਰੀ ਨਿਵਾਸ, ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਹ ਮੀਟਿੰਗ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸਮੇਤ ਸਿੱਖਿਆ, ਪਰਸੋਨਲ ਅਤੇ ਸਿਹਤ ਵਿਭਾਗ ਦੇ ਸਕੱਤਰਾਂ ਨਾਲ ਕਰਵਾਏ ਜਾਣ ਦੀ ਗੱਲ ਕਹੀ ਗਈ। ਭਰੋਸੇ ਤੋਂ ਬਾਅਦ ਦੇਰ ਸ਼ਾਮ ਮੁਨੀਸ਼ ਕੁਮਾਰ ਟੈਂਕੀ ਤੋਂ ਹੇਠਾਂ ਉਤਰ ਆਇਆ ਅਤੇ ਬੇਰੁਜ਼ਗਾਰਾਂ ਨੇ ਧਰਨਾ ਸਮਾਪਤ ਕਰ ਦਿੱਤਾ। ਇਸੇ ਦੌਰਾਨ ਸਪੈਸ਼ਲ ਕਾਡਰ ਅਧਿਆਪਕ ਫਰੰਟ ਦੀ ਅਗਵਾਈ ਹੇਠ ਅਧਿਆਪਕ ਵੀ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰਦੇ ਹੋਏ ਪਹੁੰਚੇ। ਬਠਿੰਡਾ-ਚੰਡੀਗੜ੍ਹ ਪੁਲ ਹੇਠ ਇਕੱਠੇ ਹੋਣ ਤੋਂ ਬਾਅਦ ਅਧਿਆਪਕਾਂ ਨੇ ਕਾਫ਼ਲੇ ਦੇ ਰੂਪ ਵਿੱਚ ਮੁੱਖ ਮੰਤਰੀ ਨਿਵਾਸ ਵੱਲ ਜਾਣ ਦੀ ਕੋਸ਼ਿਸ਼ ਕੀਤੀ, ਜਿੱਥੇ ਉਨ੍ਹਾਂ ਦੀ ਪੁਲਿਸ ਨਾਲ ਧੱਕਾ-ਮੁੱਕੀ ਹੋਈ।
ਫਰੰਟ ਆਗੂਆਂ ਵੀਰਪਾਲ ਕੌਰ ਸਿਧਾਣਾ, ਦਵਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ ਤੂਰ ਅਤੇ ਅਨੁਭਵ ਗੁਪਤਾ ਨੇ ਕਿਹਾ ਕਿ ਸਰਕਾਰ ਨੇ ਜੁਲਾਈ 2023 ਵਿੱਚ 12,710 ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਨੂੰ ਨਵੇਂ ਸਿਰੇ ਤੋਂ ਜੁਆਇਨ ਵੀ ਕਰਵਾਇਆ ਗਿਆ ਸੀ, ਪਰ ਉਨ੍ਹਾਂ ਮੁਤਾਬਕ ਅਧਿਆਪਕ ਅਜੇ ਵੀ ਰੈਗੂਲਰ ਨਹੀਂ ਹੋਏ। ਅਧਿਆਪਕ ਆਗੂਆਂ ਨੇ ਤਨਖ਼ਾਹ ਵਿੱਚ ਵਾਧੇ, ਪੰਜ ਫ਼ੀਸਦੀ ਸਾਲਾਨਾ ਇੰਕਰੀਮੈਂਟ ਤੋਂ ਇਲਾਵਾ ਡੀਏ, ਮੈਡੀਕਲ ਸਹੂਲਤਾਂ, ਸਰਵਿਸ ਰੂਲ ਅਤੇ ਰੈਗੂਲਰ ਮੁਲਾਜ਼ਮਾਂ ਨੂੰ ਮਿਲਣ ਵਾਲੇ ਹੋਰ ਲਾਭ ਦੇਣ ਦੀ ਮੰਗ ਕੀਤੀ। ਆਈਈਏਟੀ ਆਗੂ ਗੁਰਲਾਲ ਸਿੰਘ ਤੂਰ ਨੇ ਕਰੀਬ 1,000 ਆਈਈਏਟੀ ਕਾਡਰ ਮੁਲਾਜ਼ਮਾਂ ਨੂੰ ਡੀ ਗਰੁੱਪ ਤੋਂ ਸੀ ਗਰੁੱਪ ਵਿੱਚ ਸ਼ਾਮਲ ਕਰਨ ਦੀ ਮੰਗ ਵੀ ਉਠਾਈ। ਪ੍ਰਦਰਸ਼ਨ ਦੌਰਾਨ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਰਹੇ।
Scuffle Between Police And Unemployed Individuals And Teachers In Sangrur Protesters Arrived To Lay Siege To The Chief Minister s Residence
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)