ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਹਿਰਾਸਤੀ ਤਸ਼ੱਦਦ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਤਲਬ ਕੀਤਾ ਹੈ। ਕਮਿਸ਼ਨ ਨੇ ਉਨ੍ਹਾਂ ਨੂੰ 14 ਅਕਤੂਬਰ ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਅਤੇ ਮਾਮਲੇ ਨਾਲ ਸਬੰਧਤ ਰਿਕਾਰਡ ਤੇ ਦਸਤਾਵੇਜ਼ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਭਾਜਪਾ ਆਗੂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਦਿੱਤੀ।

ਮਾਮਲਾ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਨਾਲ ਜੁੜਿਆ ਹੈ। ਇਸ ਦੌਰਾਨ ਮੋਹਨਜੀਤ ਸਿੰਘ ਸ਼ੇਰੋਂ ਨੇ ਕਾਲਾ ਕੱਪੜਾ ਦਿਖਾ ਕੇ ਇਲਾਕੇ ਵਿੱਚ ਨਸ਼ਿਆਂ ਦੇ ਕਾਰੋਬਾਰ ਦਾ ਮੁੱਦਾ ਚੁੱਕਿਆ ਸੀ। ਇਸ ਤੋਂ ਬਾਅਦ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ, ਥਾਣਾ ਸਿਟੀ ਸੁਨਾਮ ਦੇ ਐੱਸਐੱਚਓ ਇੰਸਪੈਕਟਰ ਪ੍ਰਤੀਕ ਜਿੰਦਲ ਸਮੇਤ ਚਾਰ ਪੁਲਿਸ ਅਧਿਕਾਰੀਆਂ ’ਤੇ ਕਥਿਤ ਤਸ਼ੱਦਦ ਦੇ ਦੋਸ਼ ਲੱਗੇ ਸਨ। ਘਟਨਾ ਤੋਂ ਬਾਅਦ ਲੋਕਾਂ ਦੇ ਵਿਰੋਧ ਦੇ ਮੱਦੇਨਜ਼ਰ ਡੀਐੱਸਪੀ ਦਾ ਤਬਾਦਲਾ ਕਰ ਦਿੱਤਾ ਗਿਆ ਸੀ, ਜਦਕਿ ਤਿੰਨ ਹੋਰ ਪੁਲਿਸ ਅਧਿਕਾਰੀਆਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਸੀ। ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਡੀਜੀਪੀ ਨੂੰ ਤਲਬ ਕੀਤੇ ਜਾਣ ਨਾਲ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।