ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਦਰ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਦੇ ਅਧਿਕਾਰਤ ਬੁਲਾਰੇ ਮੁਤਾਬਕ, ਇਹ ਕਾਰਵਾਈ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਇੱਕ ਵਸਨੀਕ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ASI ਪਹਿਲਾਂ ਹੀ ਉਸ ਤੋਂ ਦਰਜ ਕੇਸ ਖ਼ਤਮ ਕਰਨ ਬਦਲੇ 40,000 ਰੁਪਏ ਰਿਸ਼ਵਤ ਲੈ ਚੁੱਕਾ ਸੀ ਅਤੇ ਹੁਣ ਹੋਰ 80,000 ਰੁਪਏ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੀ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ASI ਨੂੰ ਕਥਿਤ ਤੌਰ ’ਤੇ 80,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।