ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਜ਼ਿਲ੍ਹਾ ਮਾਨਸਾ ਵਿੱਚ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਉਨ੍ਹਾਂ ਦੇ ਸਾਥੀ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਘਟਨਾ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਘਟਨਾ ਦੀ ਨਿਖੇਧੀ ਕਰਦਿਆਂ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ’ਤੇ ਇਸ ਤਰ੍ਹਾਂ ਦੇ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਗ਼ੈਰ-ਸਮਾਜਿਕ ਅਨਸਰਾਂ ’ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੂੰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀ ਸਾਥੀ ਦਾ ਸਰਕਾਰੀ ਖ਼ਰਚੇ ’ਤੇ ਬਿਹਤਰ ਇਲਾਜ ਕਰਵਾਉਣ ਅਤੇ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਤੇ ਤਸਕਰਾਂ ਵਿਰੁੱਧ ਬਿਨਾਂ ਪੱਖਪਾਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਅੰਤ ਵਿੱਚ ਉਨ੍ਹਾਂ ਪੰਜਾਬੀਆਂ ਅਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਏਕਤਾ ਅਤੇ ਸ਼ਾਂਤੀ ਬਣਾਈ ਰੱਖਣ ਅਤੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣ।





