ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਾ ਤਸਕਰੀ ਦੀ ਸਪਲਾਈ ਚੇਨ ਤੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਰਵਾਈ ਤੇਜ਼ ਕਰਨ ਦੀ ਰਣਨੀਤੀ ਤਿਆਰ ਕੀਤੀ ਹੈ। ਇਸ ਤਹਿਤ ਜ਼ਿਲ੍ਹੇ ਵਿੱਚ 7 ਨਸ਼ਾ ਪ੍ਰਭਾਵਿਤ ਹਾਟਸਪਾਟ ਚਿੰਨ੍ਹਿਤ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਨਿਗਰਾਨੀ ਲਈ ਸਬੰਧਤ ਐੱਸਡੀਐੱਮਜ਼ ਨੂੰ ਇੰਚਾਰਜ ਬਣਾਉਣ ਦੇ ਨਾਲ 7 ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।

ਇਸ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਅਤੇ ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਧਾਰਤ ਕਾਰਜ ਯੋਜਨਾ ਦੀ ਨਿਯਮਤ ਸਮੀਖਿਆ ਕਰਨ ਅਤੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ, ਸਟਰੀਟ ਲਾਈਟਾਂ ਤੇ ਸੀਸੀਟੀਵੀ ਕੈਮਰਿਆਂ ਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ, ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਤੇਜ਼ ਕੀਤੀਆਂ ਜਾਣਗੀਆਂ।

ਮੀਟਿੰਗ ਵਿੱਚ ਨਸ਼ਾ ਛੁਡਾਊ ਕੇਂਦਰ ਦੀ 30 ਬਿਸਤਰਿਆਂ ਦੀ ਸਮਰੱਥਾ ਦੀ ਸੁਚੱਜੀ ਵਰਤੋਂ, ਮਰੀਜ਼ਾਂ ਦੇ ਦਾਖ਼ਲੇ ਵਧਾਉਣ ਅਤੇ ਮਨੋਰੋਗ ਮਾਹਿਰ ਦੀ ਗੈਰਹਾਜ਼ਰੀ ਦੌਰਾਨ ਬਦਲਵੇਂ ਪ੍ਰਬੰਧ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ, ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਹੁਨਰ ਵਿਕਾਸ ਸਿਖਲਾਈ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਅਤੇ ਸਕੂਲਾਂ-ਕਾਲਜਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ’ਤੇ ਜ਼ੋਰ ਦਿੱਤਾ ਗਿਆ।