ਸੜਕ ਹਾਦਸਿਆਂ ਦੀ ਰੋਕਥਾਮ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਕਰਨਬੀਰ ਸਿੰਘ ਛੀਨਾ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਦੋ ਜੁਗਾੜੂ ਰੇਹੜੀਆਂ ਜ਼ਬਤ ਕੀਤੀਆਂ ਗਈਆਂ, ਜਦਕਿ ਓਵਰਲੋਡਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਗਏ।
ਚੈਕਿੰਗ ਦੌਰਾਨ ਸਕੂਲੀ ਬੱਸਾਂ ਦੀ ਵੀ ਜਾਂਚ ਕੀਤੀ ਗਈ। ਆਰ.ਟੀ.ਓ. ਨੇ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਦੀ ਫਿਟਨੈੱਸ, ਲੋੜੀਂਦੇ ਦਸਤਾਵੇਜ਼ਾਂ ਅਤੇ ਸੁਰੱਖਿਆ ਉਪਕਰਨਾਂ ਦੀ ਉਪਲਬਧਤਾ ਦੇ ਨਾਲ ਬੱਚਿਆਂ ਦੀ ਆਵਾਜਾਈ ਨਿਰਧਾਰਤ ਸਮਰੱਥਾ ਅਨੁਸਾਰ ਹੋਣੀ ਲਾਜ਼ਮੀ ਹੈ।
ਕਰਨਬੀਰ ਸਿੰਘ ਛੀਨਾ ਨੇ ਵਾਹਨ ਚਾਲਕਾਂ ਨੂੰ ਓਵਰਲੋਡਿੰਗ ਤੋਂ ਬਚਣ, ਨਿਰਧਾਰਤ ਗਤੀ ਸੀਮਾ ਦੀ ਪਾਲਣਾ ਕਰਨ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸੜਕ ਸੁਰੱਖਿਆ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।





