ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਟਿੱਪਣੀ ਦਾ ਮਾਮਲਾ; ਮੁਆਫ਼ੀ ਨਾ ਮੰਗਣ ’ਤੇ ਸਿਵਲ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਚਿਤਾਵਨੀ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਵਤਾਰ ਸਿੰਘ ਰਿਆ ਨੇ ਮੰਗਲਵਾਰ, 13 ਅਕਤੂਬਰ ਨੂੰ ਵਿਧਾਇਕ ਨੂੰ ਕਾਨੂੰਨੀ ਨੋਟਿਸ ਭੇਜ ਕੇ 15 ਦਿਨਾਂ ਦੇ ਅੰਦਰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।
ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਭੇਜੇ ਗਏ ਨੋਟਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਾਖ਼ਲੇ ਤੋਂ ਰੋਕੇ ਜਾਣ ਮਗਰੋਂ ਵਿਧਾਇਕ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨਾਲ ਦਲਿਤ ਭਾਈਚਾਰੇ ਨਾਲ ਸਬੰਧਤ ਹੋਣ ਕਾਰਨ ਅਜਿਹਾ ਕੀਤਾ ਗਿਆ। ਅਵਤਾਰ ਸਿੰਘ ਰਿਆ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਅਜਿਹੇ ਬਿਆਨ ਸਮਾਜ ਵਿੱਚ ਜਾਤੀ ਆਧਾਰਿਤ ਵਖਰੇਵਾਂ ਵਧਾ ਸਕਦੇ ਹਨ।
ਨੋਟਿਸ ਵਿੱਚ ਵਿਧਾਇਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਸਮੂਹ ਨਾਨਕ ਨਾਮ ਲੇਵਾ ਸੰਗਤ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ 15 ਦਿਨਾਂ ਵਿੱਚ ਮੁਆਫ਼ੀ ਨਾ ਮੰਗੀ ਗਈ ਤਾਂ ਵਿਧਾਇਕ ਵਿਰੁੱਧ ਸਿਵਲ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ (SSP) ਕੋਲ ਪਹੁੰਚ ਕਰਕੇ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਵੀ ਕੀਤੀ ਜਾਵੇਗੀ।





