ਭਾਰਤ ਦੇ ਇਤਿਹਾਸਕ ਗੁਰਧਾਮਾਂ ਦੀ ਯਾਤਰਾ ’ਤੇ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਤੇ ਦੋਵਾਂ ਪੰਜਾਬਾਂ ਦੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਿਆਂ ਲਈ ਅਰਦਾਸ ਕੀਤੀ। ਜਥਾ ਬੀਤੀ ਦੇਰ ਰਾਤ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ ਸੀ। ਤਖ਼ਤ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ। ਜਥੇ ਦਾ ਸਵਾਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਅਤੇ ਤਖ਼ਤ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਮੌਜੂਦ ਸਨ।
ਸ਼ਰਧਾਲੂਆਂ ਨੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਦੇ ਵੀ ਦਰਸ਼ਨ ਕੀਤੇ। ਇਸ ਉਪਰੰਤ ਤਖ਼ਤ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਜਥੇ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜਥੇ ਦੇ ਆਗੂ ਪਪਿੰਦਰ ਸਿੰਘ ਨੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਥਾਹ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੀਆਂ ਯਾਦਾਂ ਹਮੇਸ਼ਾ ਉਨ੍ਹਾਂ ਦੇ ਚੇਤਿਆਂ ਵਿੱਚ ਵਸੀਆਂ ਰਹਿਣਗੀਆਂ।
49 ਮੈਂਬਰੀ ਜਥੇ ਵਿੱਚ 31 ਮਰਦ, 17 ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਜਥਾ 8 ਅਕਤੂਬਰ ਨੂੰ ਤਾਸ਼ਕੰਦ ਰਾਹੀਂ ਪਾਕਿਸਤਾਨ ਤੋਂ ਭਾਰਤ ਪਹੁੰਚਿਆ ਸੀ। ਸ੍ਰੀ ਹੇਮਕੁੰਟ ਸਾਹਿਬ ਅਤੇ ਦਿੱਲੀ ਦੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਬਾਅਦ ਜਥਾ ਫਤਹਿਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ। ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਣ ਮਗਰੋਂ ਜਥਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਵੇਗਾ ਅਤੇ ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਕਰੇਗਾ। ਜਥੇ ਦੀ 30 ਅਕਤੂਬਰ ਨੂੰ ਦਿੱਲੀ ਤੋਂ ਤਾਸ਼ਕੰਦ ਰਾਹੀਂ ਹਵਾਈ ਜਹਾਜ਼ ਰਾਹੀਂ ਪਾਕਿਸਤਾਨ ਵਾਪਸੀ ਤੈਅ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਉਪ-ਦਫ਼ਤਰ ਤੋਂ ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜ਼ਰ ਸਨ।





