ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ, ਆਈ.ਏ.ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਆਲੇ-ਦੁਆਲੇ ਲਾਗੂ ਰਹੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕਦਮ ਚੁੱਕਿਆ ਗਿਆ ਹੈ। ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਫੂਡ ਬਿਜ਼ਨਸ ਆਪਰੇਟਰ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚ ਰਹੇ ਹਨ, ਜਦਕਿ ਇਨ੍ਹਾਂ ਉਤਪਾਦਾਂ ਦੇ ਲੇਬਲ ’ਤੇ ਸਪੱਸ਼ਟ ਤੌਰ ’ਤੇ ਲਿਖਿਆ ਹੁੰਦਾ ਹੈ ਕਿ ਇਹ ਬੱਚਿਆਂ ਲਈ ਸਿਫ਼ਾਰਸ਼ ਨਹੀਂ ਕੀਤੇ ਜਾਂਦੇ।

ਪ੍ਰਸ਼ਾਸਨ ਅਨੁਸਾਰ, ਐਨਰਜੀ ਡਰਿੰਕਸ ਵਿੱਚ ਕੈਫੀਨ ਦੀ ਮਾਤਰਾ ਵੱਧ ਹੋ ਸਕਦੀ ਹੈ, ਜੋ ਦਿਮਾਗੀ ਪ੍ਰਣਾਲੀ ਨੂੰ ਉਤੇਜਿਤ ਕਰਦੀ ਹੈ ਅਤੇ ਬੱਚਿਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸ ਲਈ ਬੱਚਿਆਂ ਨੂੰ ਅਜਿਹੇ ਪਦਾਰਥਾਂ ਦੀ ਵਿਕਰੀ ਰੋਕਣ ਅਤੇ ਉਨ੍ਹਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਜਾਰੀ ਹੁਕਮਾਂ ਅਨੁਸਾਰ, ਜ਼ਿਲ੍ਹਾ ਬਰਨਾਲਾ ਵਿੱਚ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਵੇਚਣ ਦੀ ਮਨਾਹੀ ਹੋਵੇਗੀ। ਇਹ ਹੁਕਮ 22 ਦਸੰਬਰ 2026 ਤੱਕ ਲਾਗੂ ਰਹਿਣਗੇ।