ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਨੇ ਪ੍ਰੇਗਾਬਾਲਿਨ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਅਤੇ ਇਨ੍ਹਾਂ ਦਾ ਪੂਰਾ ਸਟਾਕ ਥੋਕ ਵਿਕਰੇਤਾਵਾਂ ਤੇ ਕੰਪਨੀਆਂ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ ਇਸ ਸਬੰਧੀ ਹੋਈ ਆਨਲਾਈਨ ਮੀਟਿੰਗ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਐਸੋਸੀਏਸ਼ਨ ਨੇ ਪ੍ਰਸ਼ਾਸਨ ਤੋਂ ਮਰੀਜ਼ਾਂ ਨੂੰ ਇਨ੍ਹਾਂ ਦਵਾਈਆਂ ਦੀ ਲੋੜ ਅਨੁਸਾਰ ਉਪਲਬਧਤਾ ਯਕੀਨੀ ਬਣਾਉਣ ਲਈ ਬਦਲਵੇਂ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ ਹੈ।

ਮੀਟਿੰਗ ਦੌਰਾਨ ਕੈਮਿਸਟਾਂ ਨੇ ਕਿਹਾ ਕਿ ਪੰਜਾਬ ਦੇ ਲਗਭਗ 30 ਹਜ਼ਾਰ ਦਵਾਈ ਕਾਰੋਬਾਰੀਆਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖੇ ਜਾਣ ਕਾਰਨ ਉਨ੍ਹਾਂ ਦਾ ਮਨੋਬਲ ਪ੍ਰਭਾਵਿਤ ਹੋ ਰਿਹਾ ਹੈ। ਅਹੁਦੇਦਾਰਾਂ ਨੇ ਸਪੱਸ਼ਟ ਕੀਤਾ ਕਿ ਉਹ ਪਾਬੰਦੀਸ਼ੁਦਾ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਅਤੇ ਦਵਾਈਆਂ ਦੀ ਨਸ਼ੇ ਵਜੋਂ ਦੁਰਵਰਤੋਂ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨਿਯਮਾਂ ਅਨੁਸਾਰ ਕਾਰੋਬਾਰ ਕਰਨ ਵਾਲੇ ਕੈਮਿਸਟਾਂ ਦੇ ਹਿੱਤਾਂ ਦੀ ਰਾਖੀ ਲਈ ਖੜ੍ਹੀ ਹੈ।

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਕੈਮਿਸਟਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਮਰੀਜ਼ਾਂ ਤੱਕ ਦਵਾਈਆਂ ਪਹੁੰਚਾਈਆਂ ਸਨ। ਇਸੇ ਤਰ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੀ ਕੈਂਪ ਲਗਾ ਕੇ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਬਾਵਜੂਦ ਹੁਣ ਦਵਾਈ ਕਾਰੋਬਾਰੀਆਂ ਨੂੰ ਸ਼ੱਕ ਦੇ ਘੇਰੇ ਵਿੱਚ ਰੱਖਿਆ ਜਾ ਰਿਹਾ ਹੈ ਅਤੇ ਛੋਟੀਆਂ-ਛੋਟੀਆਂ ਗੱਲਾਂ ’ਤੇ ਸਮਾਂ ਦਿੱਤੇ ਬਿਨਾਂ ਦੁਕਾਨਾਂ ਸੀਲ ਕੀਤੀਆਂ ਜਾ ਰਹੀਆਂ ਹਨ।

ਮੀਟਿੰਗ ਵਿੱਚ ਐਸੋਸੀਏਸ਼ਨ ਨੇ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀ ਵਿਰੁੱਧ ਕਾਰਵਾਈ ਕਾਨੂੰਨ ਅਨੁਸਾਰ ਹੋਣੀ ਚਾਹੀਦੀ ਹੈ। ਅਹੁਦੇਦਾਰਾਂ ਨੇ ਮੰਗ ਕੀਤੀ ਕਿ ਜਾਂਚ ਦੌਰਾਨ ਨਿਯਮਾਂ ਦੀ ਪਾਲਣਾ ਕਰਨ ਵਾਲੇ ਕਾਰੋਬਾਰੀਆਂ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇ। ਮੀਟਿੰਗ ਵਿੱਚ ਅਮਰਦੀਪ ਸਿੰਘ, ਸੁਦਰਸ਼ਨ ਚੌਧਰੀ, ਵਿਨੈ ਰਾਵਤ, ਕਰਨ ਚੌਧਰੀ, ਸੁਬੋਧ ਕੱਕੜ, ਅਸ਼ਵਨੀ ਕੁਮਾਰ, ਅਸ਼ੋਕ ਬਲੀਆਂ ਵਾਲੀ, ਅਸ਼ੋਕ ਛਾਬੜਾ, ਬਾਲ ਕ੍ਰਿਸ਼ਨ ਕਟਾਰੀਆ, ਨਰੇਸ਼ ਜਿੰਦਲ ਅਤੇ ਲਵਲੀ ਡਾਬਰ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ।