ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਪੰਜਾਬੀਆਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੰਦਿਆਂ ਨਸ਼ਾ ਤਸਕਰਾਂ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਲੋਕਾਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਬਜਾਏ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੁਤਾਬਕ, ਨਸ਼ਾ ਇਕੱਲੇ ਪੰਜਾਬ ਹੀ ਨਹੀਂ, ਸਗੋਂ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਵੀ ਗੰਭੀਰ ਸਮੱਸਿਆ ਬਣਿਆ ਹੋਇਆ ਹੈ।
ਸ਼ਾਹੀ ਇਮਾਮ ਨੇ ਕਿਹਾ ਕਿ ਇਸਲਾਮ ਵਿੱਚ ਨਸ਼ੇ ਦੀ ਮਨਾਹੀ ਹੈ ਅਤੇ ਨਸ਼ੇ ਨਾਲ ਨਫ਼ਰਤ ਕਰਨ ਦਾ ਸੰਦੇਸ਼ ਦਿੱਤਾ ਗਿਆ ਹੈ, ਨਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨਾਲ। ਉਨ੍ਹਾਂ ਸਿਆਸੀ ਪਾਰਟੀਆਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕਈ ਵਾਰ ਪੰਜਾਬ ਦੇ ਹਿੱਤਾਂ ਨਾਲੋਂ ਸਿਆਸੀ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ ਅਤੇ ਦੋਸ਼ੀਆਂ ਦੀ ਪਾਰਟੀ ਦੇ ਆਧਾਰ ’ਤੇ ਹਮਾਇਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੁੱਚਾ ਪੰਜਾਬ ਇਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਲੜਾਈ ਲੜੇ ਤਾਂ ਇਸ ਸਮੱਸਿਆ ’ਤੇ ਕਾਬੂ ਪਾਉਣ ਵਿੱਚ ਸਫ਼ਲਤਾ ਮਿਲ ਸਕਦੀ ਹੈ।





