ਭਾਰਤੀ ਹਾਕੀ ਦੇ ਮਹਾਨ ਖਿਡਾਰੀ ਅਤੇ ਓਲੰਪੀਅਨ ਸੁਰਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੋਮਵਾਰ ਨੂੰ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਉਨ੍ਹਾਂ ਦੇ ਕਾਂਸੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਪੂਰਵ ਸੰਧਿਆ ’ਤੇ ਹੋਏ ਇਸ ਸਮਾਗਮ ਵਿੱਚ ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ ਤੇ ਬਲਜੀਤ ਸਿੰਘ ਢਿੱਲੋਂ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸੁਰਜੀਤ ਸਿੰਘ ਦਾ ਬੁੱਤ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦਾ ਸਦੀਵੀ ਸਰੋਤ ਬਣੇਗਾ। ਉਨ੍ਹਾਂ ਖੇਡਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਦੱਸਦਿਆਂ ਪੰਜਾਬ ਦੀ ਹਾਕੀ ਵਿਰਾਸਤ ਨੂੰ ਮੁੜ ਸੁਰਜੀਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਟੇਡੀਅਮ ਦਾ ਨਵੀਨੀਕਰਨ ਕਰਵਾਇਆ ਗਿਆ ਹੈ, ਜਿਸ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਹਨ।

ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਭਾਰਤੀ ਹਾਕੀ ਦੇ ਉੱਘੇ ਡਿਫੈਂਡਰਾਂ ਵਿੱਚੋਂ ਇੱਕ ਸਨ। ਉਨ੍ਹਾਂ ਨੇ 1976 ਦੀਆਂ ਮਾਂਟਰੀਅਲ ਓਲੰਪਿਕ ਖੇਡਾਂ, ਦੋ ਵਿਸ਼ਵ ਕੱਪ ਅਤੇ 1974 ਤੇ 1978 ਦੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਸਾਲ 1975 ਵਿੱਚ ਕੁਆਲਾਲੰਪੁਰ ਵਿਖੇ ਭਾਰਤ ਦੀ ਵਿਸ਼ਵ ਕੱਪ ਜਿੱਤ ਵਿੱਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੂੰ ਹਾਕੀ ਵਿੱਚ ਸ਼ਾਨਦਾਰ ਯੋਗਦਾਨ ਲਈ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।