ਪੰਜਾਬ ਵਿਧਾਨ ਸਭਾ ਦੇ ਸਿਫ਼ਰ ਕਾਲ ਦੌਰਾਨ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਿਆ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦਾ ਗ੍ਰਹਿ ਵਿਭਾਗ ਜਲਦ ਤੋਂ ਜਲਦ ਆਪਣੀ ਰਿਪੋਰਟ ਚੋਣ ਕਮਿਸ਼ਨ ਨੂੰ ਭੇਜੇ, ਤਾਂ ਜੋ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅੱਗੇ ਵਧ ਸਕੇ।

ਮਨਪ੍ਰੀਤ ਸਿੰਘ ਅਯਾਲੀ ਨੇ ਸਦਨ ਵਿੱਚ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਗ੍ਰਹਿ ਵਿਭਾਗ ਤੋਂ ਇਸ ਜਥੇਬੰਦੀ ਦੀ ਰਜਿਸਟ੍ਰੇਸ਼ਨ ਬਾਰੇ ਇਤਰਾਜ਼ ਸਬੰਧੀ ਜਾਣਕਾਰੀ ਮੰਗੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ 14 ਜੁਲਾਈ ਅਤੇ 13 ਅਕਤੂਬਰ ਦੇ ਪੱਤਰਾਂ ਅਤੇ ਯਾਦ-ਪੱਤਰਾਂ ਦੇ ਬਾਵਜੂਦ ਵਿਭਾਗ ਵੱਲੋਂ ਜਵਾਬ ਨਹੀਂ ਦਿੱਤਾ ਗਿਆ ਅਤੇ ਪ੍ਰਕਿਰਿਆ ਸੱਤ ਮਹੀਨਿਆਂ ਤੋਂ ਵੱਧ ਸਮੇਂ ਤੋਂ ਲਟਕੀ ਹੋਈ ਹੈ।

ਅਯਾਲੀ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਵਾਰਿਸ ਪੰਜਾਬ ਦੇ’ ਦਾ ਪੰਜਾਬ ਵਿੱਚ ਵੱਡਾ ਆਧਾਰ ਹੈ ਅਤੇ ਇਸ ਨਾਲ ਲੋਕ ਲਗਾਤਾਰ ਜੁੜ ਰਹੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਸਪੀਕਰ ਰਾਹੀਂ ਸਰਕਾਰ ਨੂੰ ਅਪੀਲ ਕੀਤੀ ਕਿ ਲੋੜੀਂਦੀ ਰਿਪੋਰਟ ਤੁਰੰਤ ਚੋਣ ਕਮਿਸ਼ਨ ਨੂੰ ਭੇਜੀ ਜਾਵੇ।