ਮਹਿੰਗਾਈ ਭੱਤੇ (ਡੀਏ) ਸਬੰਧੀ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਹੋਣ ਅਤੇ ਸਰਕਾਰ ਵੱਲੋਂ ਜਵਾਬ ਦਾਖ਼ਲ ਨਾ ਕੀਤੇ ਜਾਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ’ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਨਾਲ ਹੀ ਉਨ੍ਹਾਂ ਨੂੰ 3 ਨਵੰਬਰ ਨੂੰ ਅਗਲੀ ਸੁਣਵਾਈ ’ਤੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਕਰੀਬ ਇੱਕ ਘੰਟੇ ਤੱਕ ਚੱਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਖ਼ਲ ਨਾ ਕੀਤੇ ਜਾਣ ’ਤੇ ਅਦਾਲਤ ਨੇ ਨਾਰਾਜ਼ਗੀ ਜ਼ਾਹਰ ਕੀਤੀ। ਮਾਮਲਾ ਡੀਏ ਸਬੰਧੀ ਪਿਛਲੇ ਨਿਆਂਇਕ ਹੁਕਮਾਂ ਦੀ ਕਥਿਤ ਉਲੰਘਣਾ ਨਾਲ ਜੁੜਿਆ ਹੋਇਆ ਹੈ।
ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਅਗਲੀ ਸੁਣਵਾਈ ਦੌਰਾਨ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਪਿਛਲੇ ਹੁਕਮਾਂ ਦੀ ਪਾਲਣਾ ਲਈ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਕਿੰਨਾ ਸਮਾਂ ਲੱਗੇਗਾ। ਅਦਾਲਤ ਦੇ ਇਸ ਰੁਖ਼ ਨਾਲ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ’ਤੇ ਹੁਕਮਾਂ ਦੀ ਪਾਲਣਾ ਕਰਨ ਲਈ ਦਬਾਅ ਵਧ ਗਿਆ ਹੈ।





