ਭਾਰਤ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਥੇ ਦਾ ਸਨਮਾਨ ਕੀਤਾ ਗਿਆ।

ਜਥੇ ਦੇ ਮੈਂਬਰਾਂ ਨੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸਿੱਖਾਂ ਦੀ ਭਾਰਤ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੀ ਇੱਛਾ ਰਹਿੰਦੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪਾਕਿਸਤਾਨੀ ਸਿੱਖ ਪਹਿਲੀ ਵਾਰ ਜਥੇ ਦੇ ਰੂਪ ਵਿੱਚ ਭਾਰਤ ਆਏ ਹਨ।

ਇਸ ਦੌਰਾਨ SGPC ਪ੍ਰਧਾਨ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਸੁਖਾਲੀ ਕੀਤੀ ਜਾਵੇ, ਤਾਂ ਜੋ ਦੋਵਾਂ ਦੇਸ਼ਾਂ ਦੀ ਸੰਗਤ ਬਿਨਾਂ ਮੁਸ਼ਕਲ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕੇ।