ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਾਲ ਦੀ ਥੀਮ ‘ਪ੍ਰੋਬਿਟੀ ਫਾਰ ਪ੍ਰੌਸਪੈਰਿਟੀ’ ਰੱਖੀ ਗਈ ਹੈ। ਇਸ ਮੌਕੇ ਮੋਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਵਿਜੀਲੈਂਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਨ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਸਹੁੰ ਚੁੱਕੀ।

ਵਿਜੀਲੈਂਸ ਬਿਊਰੋ ਦੇ ਵਿਸ਼ੇਸ਼ ਡੀਜੀਪੀ ਅਤੇ ਮੁੱਖ ਡਾਇਰੈਕਟਰ ਡਾ. ਸ਼ਰਦ ਸੱਤਿਆ ਚੌਹਾਨ ਨੇ ਦੱਸਿਆ ਕਿ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨਾ ਅਤੇ ਇਸ ਦੇ ਖ਼ਾਤਮੇ ਲਈ ਜਨਤਕ ਭਾਗੀਦਾਰੀ ਵਧਾਉਣਾ ਹੈ। ਉਨ੍ਹਾਂ ਅਨੁਸਾਰ, ਮਾਰਚ 2022 ਤੋਂ 30 ਸਤੰਬਰ 2026 ਤੱਕ ਬਿਊਰੋ ਨੇ ਭ੍ਰਿਸ਼ਟਾਚਾਰ ਦੇ 1,118 ਮਾਮਲੇ ਦਰਜ ਕੀਤੇ ਹਨ ਅਤੇ ਇਨ੍ਹਾਂ ਦੀ ਜਾਂਚ ਦੌਰਾਨ 1,156 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਗਰੂਕਤਾ ਹਫ਼ਤੇ ਦੌਰਾਨ ਸੂਬੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰੋਗਰਾਮ ਕਰਵਾਏ ਜਾਣਗੇ। ਵਿਜੀਲੈਂਸ ਅਧਿਕਾਰੀਆਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ, ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਉਣ ਅਤੇ ਜਨਤਕ ਥਾਵਾਂ ’ਤੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਬੈਨਰ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਬਿਊਰੋ ਨੇ ਲੋਕਾਂ ਨੂੰ ਰਿਸ਼ਵਤ ਜਾਂ ਨਾਜਾਇਜ਼ ਲਾਭ ਦੀ ਮੰਗ ਸਬੰਧੀ ਸ਼ਿਕਾਇਤਾਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਵਟਸਐਪ ਨੰਬਰ 9501200200 ’ਤੇ ਭੇਜਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਮੁਤਾਬਕ, ਇਸ ਮੁਹਿੰਮ ਦਾ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਵਧਾਉਣਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।