ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਗੁਰਬਾਣੀ ਦੇ ਇਲਾਹੀ ਕੀਰਤਨ, ਸੁੰਦਰ ਜਲੌ, ਦੀਪਮਾਲਾ ਅਤੇ ਆਤਿਸ਼ਬਾਜ਼ੀ ਮੁੱਖ ਖਿੱਚ ਦਾ ਕੇਂਦਰ ਰਹੇ।

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ। ਫੁੱਲਾਂ ਦੀ ਸਜਾਵਟ ਨੇ ਪਰਿਕਰਮਾ ਦੀ ਸ਼ੋਭਾ ਵਧਾਈ ਅਤੇ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਦੇਰ ਸ਼ਾਮ ਸੰਗਤਾਂ ਨੇ ਦੀਪਮਾਲਾ ਕੀਤੀ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਹੋਈ ਆਤਿਸ਼ਬਾਜ਼ੀ ਨੇ ਸਮਾਗਮ ਦੀ ਰੌਣਕ ਵਧਾਈ। ਸੰਗਤਾਂ ਨੇ ਇਸ ਮਨਮੋਹਕ ਦ੍ਰਿਸ਼ ਨੂੰ ਆਪਣੇ ਮੋਬਾਈਲ ਫੋਨਾਂ ਵਿੱਚ ਕੈਦ ਕਰਕੇ ਪਰਿਵਾਰਕ ਮੈਂਬਰਾਂ ਨਾਲ ਸਾਂਝਾ ਕੀਤਾ।