ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਮਾਨਸਾ ਵਿੱਚ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪਧਰੀ ਨੂੰ ਪੁਲਿਸ ਨੇ ਹਾਊਸ ਅਰੈਸਟ ਕਰ ਲਿਆ। ਬੁੱਧਵਾਰ ਸਵੇਰੇ ਕਰੀਬ 5:30 ਵਜੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਇਹ ਕਾਰਵਾਈ ਕੀਤੀ ਗਈ। ਪਾਰਟੀ ਵਰਕਰਾਂ ਨੇ ਲੱਖਾ ਸਿਧਾਣਾ ਅਤੇ ਹੋਰ ਸਿੱਖਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਮਾਨਸਾ ਮੋਰਚੇ ਵਿੱਚ ਸ਼ਾਮਲ ਹੋਣ ਦੀ ਯੋਜਨਾ ਬਣਾਈ ਸੀ।
ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਸ਼ਮਸ਼ੇਰ ਸਿੰਘ ਪਧਰੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੇ ਜਮਹੂਰੀ ਹੱਕਾਂ ਅਤੇ ਇਨਸਾਫ਼ ਦੀ ਮੰਗ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਇਨਸਾਫ਼ ਦੀ ਲੜਾਈ ਨੂੰ ਰੋਕਿਆ ਨਹੀਂ ਜਾ ਸਕਦਾ। ਪਧਰੀ ਨੇ ਚਿਤਾਵਨੀ ਦਿੱਤੀ ਕਿ ਜਮਹੂਰੀ ਹੱਕਾਂ ਨੂੰ ਦਬਾਉਣ ਵਾਲੀਆਂ ਕਾਰਵਾਈਆਂ ਵਿਰੁੱਧ ਲੋਕਾਂ ਵਿੱਚ ਰੋਸ ਵਧੇਗਾ ਅਤੇ ਸਰਕਾਰ ਨੂੰ ਇਸ ਦਾ ਸਾਹਮਣਾ ਕਰਨਾ ਪਵੇਗਾ।





