ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ ਕਾਰਨ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਣ ’ਤੇ ਪ੍ਰਸ਼ਾਸਨ ਨੇ 18 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਮੁਲਾਜ਼ਮਾਂ ਨੂੰ 30 ਅਕਤੂਬਰ ਨੂੰ ਸਵੇਰੇ 10 ਵਜੇ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਤਸੱਲੀਬਖ਼ਸ਼ ਜਵਾਬ ਨਾ ਮਿਲਣ ’ਤੇ ਨਿਯਮਾਂ ਅਨੁਸਾਰ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਪ੍ਰਸ਼ਾਸਨ ਅਨੁਸਾਰ, ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਬੰਧਕੀ ਬਲਾਕ-2 ਦੇ ਦੋਵੇਂ ਦਰਵਾਜ਼ੇ ਬੰਦ ਕਰਨ ਕਾਰਨ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬਾਹਰ ਨਿਕਲਣ ਵਿੱਚ ਮੁਸ਼ਕਲ ਆਈ ਅਤੇ ਕੰਮਕਾਜ ਪ੍ਰਭਾਵਿਤ ਹੋਇਆ।
ਉਧਰ, ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਗੋਪਾਲਪੁਰੀ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਨੇ ਯੂਨੀਵਰਸਿਟੀ ਦੇ ਮੁੱਖ ਗੇਟ ਨੇੜੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਮੰਗਾਂ ਨਾ ਮੰਨੇ ਜਾਣ ’ਤੇ ਯੂਨੀਵਰਸਿਟੀ ਮੁਕੰਮਲ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ।





