ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸੀ ਵਰਕਰਾਂ ਸਮੇਤ ਕਲਾਨੌਰ ਪੁਲਿਸ ਥਾਣੇ ਵਿੱਚ ਪਹੁੰਚ ਕੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਐੱਸਐੱਸਪੀ ਗੁਰਦਾਸਪੁਰ, ਡੀਐੱਸਪੀ ਅਤੇ ਕਲਾਨੌਰ ਦੇ ਐੱਸਐੱਚਓ ’ਤੇ ਗੈਂਗਸਟਰਾਂ ਨਾਲ ਮਿਲੇ ਹੋਣ ਦੇ ਦੋਸ਼ ਲਾਉਂਦਿਆਂ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ’ਤੇ ਸਵਾਲ ਚੁੱਕੇ। ਰੰਧਾਵਾ ਅਤੇ ਕਾਂਗਰਸੀ ਵਰਕਰਾਂ ਨੇ ਦੋਸ਼ ਲਾਇਆ ਕਿ ਪੁਲਿਸ ਦੀ ਕਾਰਗੁਜ਼ਾਰੀ ਕਾਰਨ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਹਾਲਾਂਕਿ, ਪੁਲਿਸ ਅਧਿਕਾਰੀਆਂ ਵਿਰੁੱਧ ਲਾਏ ਗਏ ਇਨ੍ਹਾਂ ਦੋਸ਼ਾਂ ਬਾਰੇ ਉਨ੍ਹਾਂ ਦਾ ਪੱਖ ਸਾਹਮਣੇ ਨਹੀਂ ਆਇਆ।