ਥਾਣਾ ਸਲੇਮ ਟਾਬਰੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਰਾਇਲ ਸਟੈਗ ਮਾਰਕਾ ਸ਼ਰਾਬ ਦੀਆਂ ਪੰਜ ਬੋਤਲਾਂ ਬਰਾਮਦ ਕੀਤੀਆਂ ਹਨ। ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸ਼ਿੰਗਾਰਾ ਸਿੰਘ ਅਨੁਸਾਰ, ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਅਨੂਪ ਕੁਮਾਰ ਉਰਫ਼ ਬਿੱਲਾ ਮੇਨ ਜੀਟੀ ਰੋਡ ਨੇੜੇ ਡੀਐੱਫਸੀ ਦੇ ਮੁੱਖ ਗੇਟ ਸਾਹਮਣੇ ਪਾਰਕ ਕੋਲ ਨਾਜਾਇਜ਼ ਸ਼ਰਾਬ ਵੇਚਣ ਲਈ ਖੜ੍ਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮੌਕੇ ’ਤੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਸ਼ਰਾਬ ਦੀਆਂ ਪੰਜ ਬੋਤਲਾਂ ਮਿਲੀਆਂ।

ਮੁਲਜ਼ਮ ਦੀ ਪਛਾਣ ਅਨੂਪ ਕੁਮਾਰ ਉਰਫ਼ ਬਿੱਲਾ ਪੁੱਤਰ ਸਵਰਗੀ ਬ੍ਰਿਜ ਲਾਲ, ਵਾਸੀ ਨਿਊ ਕਰਤਾਰ ਨਗਰ, ਸਲੇਮ ਟਾਬਰੀ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।