ਬਟਾਲਾ ਨੇੜੇ ਪਿੰਡ ਮਲਕਪੁਰ ਵਿਖੇ ਸੋਮਵਾਰ ਨੂੰ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। ਦੋਵੇਂ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਗਏ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।

ਮ੍ਰਿਤਕਾਂ ਦੀ ਪਛਾਣ ਸਲਵਿੰਦਰ ਸਿੰਘ (65) ਪੁੱਤਰ ਸ਼ਿੰਗਾਰਾ ਸਿੰਘ ਅਤੇ ਉਸ ਦੇ ਪੁੱਤਰ ਹਰਵਿੰਦਰ ਸਿੰਘ (40), ਵਾਸੀ ਪਿੰਡ ਠੱਕਰ ਸੰਧੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਪਿਓ-ਪੁੱਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਬਟਾਲਾ ਆ ਰਹੇ ਸਨ। ਜਦੋਂ ਉਹ ਪਿੰਡ ਮਲਕਪੁਰ ਨੇੜੇ ਪਹੁੰਚੇ ਤਾਂ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤੀਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।