ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਅੰਦਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਦੇ ਦੋ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਹੁਣ ਅੰਮ੍ਰਿਤਸਰ ਨੌਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਘਟਨਾਕ੍ਰਮ ਨੇ ਚੋਣਾਂ ਤੋਂ ਪਹਿਲਾਂ 'ਆਪ' ਦੀਆਂ ਸਿਆਸੀ ਚੁਣੌਤੀਆਂ ਵਧਾ ਦਿੱਤੀਆਂ ਹਨ।
ਜਾਣਕਾਰੀ ਅਨੁਸਾਰ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਸੋਮਵਾਰ ਨੂੰ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਪਠਾਣਮਾਜਰਾ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਦੋਵਾਂ ਆਗੂਆਂ ਨੇ 'ਆਪ' ਲੀਡਰਸ਼ਿਪ 'ਤੇ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕਰਨ ਅਤੇ ਦਿੱਲੀ ਤੋਂ ਪੰਜਾਬ ਦੀ ਸਿਆਸਤ ਚਲਾਉਣ ਦੇ ਦੋਸ਼ ਲਗਾਏ ਹਨ। ਉੱਧਰ, ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹਨ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ 31 ਅਕਤੂਬਰ ਨੂੰ 2027 ਦੀਆਂ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਤੋਂ ਬਾਅਦ ਸਮਾਣਾ ਅਤੇ ਸਨੌਰ ਹਲਕਿਆਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਸਨ। ਇਨ੍ਹਾਂ ਹਲਕਿਆਂ ਵਿੱਚ ਕ੍ਰਮਵਾਰ ਸੁਰਜੀਤ ਸਿੰਘ ਰੱਖੜਾ ਅਤੇ ਰਣਜੋਧ ਹਡਾਣਾ ਨੂੰ ਨਵੇਂ ਇੰਚਾਰਜ ਨਿਯੁਕਤ ਕੀਤੇ ਜਾਣ ਕਾਰਨ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਸਨ।
ਲਗਾਤਾਰ ਹੋ ਰਹੇ ਅਸਤੀਫ਼ਿਆਂ ਅਤੇ ਪਾਰਟੀ ਛੱਡਣ ਦੇ ਫ਼ੈਸਲਿਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਦੀ ਅੰਦਰੂਨੀ ਸਿਆਸਤ ਨੂੰ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ।





