ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 5 ਨਵੰਬਰ ਤੱਕ ਸੂਬੇ ਵਿੱਚ ਮੀਂਹ ਪੈਣ ਦੇ ਕੋਈ ਖ਼ਾਸ ਆਸਾਰ ਨਹੀਂ ਹਨ। ਇਸ ਦੌਰਾਨ ਦਿਨ ਦਾ ਤਾਪਮਾਨ ਆਮ ਦੇ ਨੇੜੇ ਰਹੇਗਾ, ਜਦਕਿ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਖੇਤਰਾਂ ਵਿੱਚ ਠੰਢੀਆਂ ਹਵਾਵਾਂ ਚੱਲਣ ਨਾਲ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
ਪੂਰਬੀ ਅਤੇ ਉੱਤਰੀ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 28 ਤੋਂ 30 ਡਿਗਰੀ ਸੈਲਸੀਅਸ, ਜਦਕਿ ਬਾਕੀ ਇਲਾਕਿਆਂ ਵਿੱਚ 30 ਤੋਂ 32 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਘੱਟੋ-ਘੱਟ ਤਾਪਮਾਨ ਉੱਤਰੀ ਪੰਜਾਬ ਵਿੱਚ 10 ਤੋਂ 12 ਡਿਗਰੀ, ਪਟਿਆਲਾ ਦੇ ਕੁਝ ਇਲਾਕਿਆਂ ਵਿੱਚ 14 ਤੋਂ 16 ਡਿਗਰੀ ਅਤੇ ਬਾਕੀ ਹਿੱਸਿਆਂ ਵਿੱਚ 12 ਤੋਂ 14 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਐਤਵਾਰ ਨੂੰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਬਠਿੰਡਾ 32.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਇਸ ਤੋਂ ਇਲਾਵਾ ਪਟਿਆਲਾ ਵਿੱਚ 30.6 ਡਿਗਰੀ, ਲੁਧਿਆਣਾ ਵਿੱਚ 30.2 ਡਿਗਰੀ, ਚੰਡੀਗੜ੍ਹ ਵਿੱਚ 30.1 ਡਿਗਰੀ ਅਤੇ ਅੰਮ੍ਰਿਤਸਰ ਵਿੱਚ 28.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਦਿਨ ਵੇਲੇ ਹਲਕੀ ਗਰਮੀ ਅਤੇ ਰਾਤ ਨੂੰ ਠੰਢ ਦਾ ਅਹਿਸਾਸ ਬਣਿਆ ਰਹੇਗਾ।





