ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਦਿੜ੍ਹਬਾ ਵਿੱਚ ਤਾਇਨਾਤ ਏਐੱਸਆਈ ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੇ ਕਥਿਤ ਤੌਰ ’ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ 30 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।

ਵਿਜੀਲੈਂਸ ਬਿਊਰੋ ਅਨੁਸਾਰ, ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਨੇ ਇਸ ਸਬੰਧੀ ਵਿਜੀਲੈਂਸ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਰਿਕਾਰਡ ਵੀ ਕੀਤੀ ਸੀ।

ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕਾਰਵਾਈ ਕਰਦਿਆਂ ਏਐੱਸਆਈ ਨੂੰ 25 ਹਜ਼ਾਰ ਰੁਪਏ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।