ਐੱਨ.ਆਰ.ਆਈ. ਨਾਲ ਲੱਖਾਂ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਪੰਜ ਸਾਲ ਬਾਅਦ ਕਾਰੋਬਾਰੀ ਸਤਿੰਦਰਪਾਲ ਸਿੰਘ ਉਰਫ਼ ਸੰਨੀ ਖਹਿਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਖਹਿਰਾ ਟਰੇਡਰਜ਼ ਪ੍ਰਾਈਵੇਟ ਲਿਮਟਿਡ ਦਾ ਮਾਲਕ ਹੈ ਅਤੇ ਇਸ ਸਮੇਂ ਆਸਟ੍ਰੇਲੀਆ ਵਿੱਚ ਰਹਿ ਰਿਹਾ ਹੈ।
ਇਹ ਮਾਮਲਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਨਰੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਕਾਰੋਬਾਰੀ ਅਤੇ ਉਸ ਦੇ ਇੱਕ ਸਾਥੀ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲਗਾਏ ਸਨ। ਉਸ ਸਮੇਂ ਨਰੇਸ਼ ਕੁਮਾਰ ਦੱਖਣੀ ਅਫ਼ਰੀਕਾ ਵਿੱਚ ਰਹਿੰਦੇ ਸਨ ਅਤੇ ਉਨ੍ਹਾਂ ਨੇ ਸ਼ਿਕਾਇਤ ਦੀ ਪੈਰਵੀ ਲਈ ਆਪਣੇ ਭਰਾ ਵਰਿੰਦਰ ਕੁਮਾਰ ਨੂੰ ਵਿਸ਼ੇਸ਼ ਪਾਵਰ ਆਫ਼ ਅਟਾਰਨੀ ਦਿੱਤੀ ਸੀ।
ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਤੋਂ ਅਸੰਤੁਸ਼ਟ ਹੋ ਕੇ ਵਰਿੰਦਰ ਕੁਮਾਰ ਨੇ ਪੰਜਾਬ ਪੁਲਿਸ ਦੇ ਸਪੈਸ਼ਲ ਡੀ.ਜੀ.ਪੀ. (ਐੱਨ.ਆਰ.ਆਈ. ਵਿੰਗ) ਕੋਲ ਮੁੜ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਪਹਿਲੀ ਜਾਂਚ ਦੌਰਾਨ ਮਹੱਤਵਪੂਰਨ ਤੱਥਾਂ ਅਤੇ ਸਬੂਤਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ ਗਈ।
ਇਸ ਤੋਂ ਬਾਅਦ ਥਾਣਾ ਐੱਨ.ਆਰ.ਆਈ., ਮੋਹਾਲੀ ਦੇ ਮੁੱਖ ਅਧਿਕਾਰੀ ਵੱਲੋਂ ਦੁਬਾਰਾ ਜਾਂਚ ਕੀਤੀ ਗਈ। ਰਿਪੋਰਟ ਦੀ ਸਮੀਖਿਆ ਤੋਂ ਬਾਅਦ ਐੱਫ.ਆਈ.ਆਰ. ਦਰਜ ਕਰਨ ਦੀ ਮਨਜ਼ੂਰੀ ਦਿੱਤੀ ਗਈ। ਜਾਂਚ ਅਧਿਕਾਰੀ ਹਿੰਮਤ ਸਿੰਘ ਅਨੁਸਾਰ, ਪੁਲਿਸ ਨੇ ਸਤਿੰਦਰਪਾਲ ਸਿੰਘ ਖ਼ਿਲਾਫ਼ ਆਈ.ਪੀ.ਸੀ. ਦੀਆਂ ਧਾਰਾਵਾਂ 406 ਅਤੇ 420 ਤਹਿਤ ਕੇਸ ਦਰਜ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।





