ਪਿੰਡ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਮਾਮਲੇ ਦੇ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ। ਜਗਰਾਓਂ ਪੁਲਿਸ ਨੇ ਉਸ ਨੂੰ ਛੇ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ ਅਤੇ ਵਾਰਦਾਤ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਸੀ। ਮੰਗਲਵਾਰ ਦੇਰ ਰਾਤ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਗਲੋਬਲ ਹਾਰਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਰਾਜ ਸਿੰਘ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸ਼ੁਰੂਆਤੀ ਤੌਰ ’ਤੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਹਾਲਾਂਕਿ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ।
ਜ਼ਿਕਰਯੋਗ ਹੈ ਕਿ 28 ਅਕਤੂਬਰ ਦੀ ਸਵੇਰ ਦੋ ਅਣਪਛਾਤੇ ਵਿਅਕਤੀਆਂ ਨੇ ਪਿੰਡ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕੀਤੀ ਸੀ। ਇਸ ਮਾਮਲੇ ਦੀ ਜਾਂਚ ਜਗਰਾਓਂ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਵੱਲੋਂ ਕੀਤੀ ਜਾ ਰਹੀ ਸੀ। ਪੁਲਿਸ ਨੇ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਕੀਤਾ ਸੀ।
ਪੁਲਿਸ ਅਧਿਕਾਰੀਆਂ ਅਨੁਸਾਰ, ਰਾਜ ਸਿੰਘ ਵਿਰੁੱਧ ਪਹਿਲਾਂ ਵੀ ਗੰਭੀਰ ਧਾਰਾਵਾਂ ਤਹਿਤ ਸੱਤ ਮਾਮਲੇ ਦਰਜ ਸਨ ਅਤੇ ਉਹ ਵਾਰਦਾਤ ਤੋਂ ਸੱਤ ਦਿਨ ਪਹਿਲਾਂ ਹੀ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਪੁਲਿਸ ਹਿਰਾਸਤ ਵਿੱਚ ਹੋਈ ਮੌਤ ਤੋਂ ਬਾਅਦ ਹੁਣ ਪੋਸਟਮਾਰਟਮ ਰਿਪੋਰਟ ਅਤੇ ਅਗਲੀ ਜਾਂਚ ਅਹਿਮ ਹੋਵੇਗੀ, ਜਿਸ ਨਾਲ ਮੌਤ ਦੇ ਅਸਲ ਕਾਰਨਾਂ ਅਤੇ ਹਾਲਾਤਾਂ ਬਾਰੇ ਸਪੱਸ਼ਟਤਾ ਆਵੇਗੀ।





