ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕਿਸਾਨਾਂ ਅਤੇ ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਹਿੱਤਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਲਾਭ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਦੀ ਬਜਾਏ ਵੱਡੇ ਪੂੰਜੀਪਤੀਆਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਆਹਮੋ-ਸਾਹਮਣੇ ਬਹਿਸ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ।

ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਉਨ੍ਹਾਂ ਨਾਲ ਸਿਰਫ਼ ਪੰਜ ਮਿੰਟ ਬਹਿਸ ਕਰ ਲੈਣ ਤਾਂ ਉਹ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਖੜ੍ਹੇ ਕਰ ਦੇਣਗੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਪ੍ਰਧਾਨ ਮੰਤਰੀ ਮੋਦੀ ਕੰਮ ਕਰ ਰਹੇ ਹਨ ਅਤੇ ਅਮਰੀਕਾ ਨਾਲ ਹੋਏ ਸਮਝੌਤੇ ਕਾਰਨ ਭਾਰਤੀ ਕਿਸਾਨਾਂ ਤੇ ਛੋਟੇ ਉਦਯੋਗਾਂ ਦੇ ਹਿੱਤ ਪ੍ਰਭਾਵਿਤ ਹੋ ਸਕਦੇ ਹਨ।

ਉਨ੍ਹਾਂ ਭਾਰਤ-ਪਾਕਿਸਤਾਨ ਜੰਗਬੰਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਟਰੰਪ ਵਾਰ-ਵਾਰ ਜੰਗਬੰਦੀ ਕਰਵਾਉਣ ਦਾ ਦਾਅਵਾ ਕਰਦੇ ਹਨ, ਪਰ ਪ੍ਰਧਾਨ ਮੰਤਰੀ ਇਸ ਬਾਰੇ ਸਪੱਸ਼ਟ ਜਵਾਬ ਨਹੀਂ ਦਿੰਦੇ। ਪੰਜਾਬ ਵਿੱਚ ਕਾਂਗਰਸ ਸਰਕਾਰ ਬਣਾਉਣ ਦੀ ਅਪੀਲ

ਰਾਹੁਲ ਗਾਂਧੀ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਨੂੰ ਵੀ ਅਹਿਮ ਦੱਸਿਆ।