ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਿਵਲ ਸਰਜਨ ਡਾ. ਹਰੀ ਪਾਲ ਸਿੰਘ ਸਿੱਧੂ ਦੇ ਨਿਰਦੇਸ਼ਾਂ 'ਤੇ 'ਤੰਬਾਕੂ ਮੁਕਤ ਯੁਵਾ ਮੁਹਿੰਮ' ਤਹਿਤ ਬਲਾਕ ਧਨੌਲਾ ਵਿੱਚ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਸੀਐੱਚਸੀ ਧਨੌਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਅਗਵਾਈ ਹੇਠ ਡਾ. ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਸਬੰਧ ਵਿੱਚ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਤੰਬਾਕੂ ਦੇ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਤੋਂ ਜੁਰਮਾਨਾ ਵੀ ਵਸੂਲਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਨਾਲ ਫੇਫੜਿਆਂ ਨੂੰ ਨੁਕਸਾਨ ਪਹੁੰਚਣ ਦੇ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵੀ ਘਟਦੀ ਹੈ। ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨਾ ਕਾਨੂੰਨੀ ਅਪਰਾਧ ਹੈ। ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ ਨੇ ਦੱਸਿਆ ਕਿ ਹੰਡਿਆਇਆ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਤੋਂ ਜੁਰਮਾਨਾ ਵਸੂਲਿਆ। ਟੀਮ ਵਿੱਚ ਸੁਪਰਵਾਈਜ਼ਰ ਹਰਮੀਤ ਸਿੰਘ ਅਤੇ ਮਲਟੀਪਰਪਜ਼ ਹੈਲਥ ਵਰਕਰ ਅਮਰਿੰਦਰ ਸਿੰਘ ਸਹਿਜਪਾਲ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਤਹਿਤ ਦੁਕਾਨਾਂ, ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ, ਸਕੂਲਾਂ ਤੇ ਕਾਲਜਾਂ ਦੇ ਬਾਹਰ ਤੰਬਾਕੂਨੋਸ਼ੀ ਸਬੰਧੀ ਚਿਤਾਵਨੀ ਬੋਰਡ ਲਗਾਉਣਾ ਲਾਜ਼ਮੀ ਹੈ। ਬਿਨਾਂ ਚਿਤਾਵਨੀ ਵਾਲੀਆਂ ਵਿਦੇਸ਼ੀ ਸਿਗਰਟਾਂ ਅਤੇ ਖੁਸ਼ਬੂਦਾਰ ਤੰਬਾਕੂ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਜੁਰਮਾਨੇ ਦੀ ਵਿਵਸਥਾ ਵੀ ਹੈ। ਇਸੇ ਮੁਹਿੰਮ ਤਹਿਤ ਅਸਪਾਲ ਕਲਾਂ ਵਿੱਚ ਮਲਟੀਪਰਪਜ਼ ਹੈਲਥ ਵਰਕਰ ਬਲਜਿੰਦਰ ਸਿੰਘ ਅਤੇ ਏਐੱਨਐੱਮ ਸੋਨੀ ਕੌਰ ਨੇ ਪਿੰਡ ਵਾਸੀਆਂ ਨੂੰ ਤੰਬਾਕੂਨੋਸ਼ੀ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ।





