ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਇੱਕ ਹੋਰ ਸਿਆਸੀ ਝਟਕਾ ਲੱਗਾ ਹੈ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ, ਹਾਲਾਂਕਿ ਚੰਦੂਮਾਜਰਾ ਨੇ ਆਪਣੇ ਅਗਲੇ ਸਿਆਸੀ ਕਦਮ ਬਾਰੇ ਕੋਈ ਐਲਾਨ ਨਹੀਂ ਕੀਤਾ।

ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਚੰਦੂਮਾਜਰਾ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉੱਧਰ, ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਦੀ ਏਕਤਾ ਅਤੇ ਭਾਜਪਾ ਨਾਲ ਸੰਭਾਵੀ ਗਠਜੋੜ ਨੂੰ ਲੈ ਕੇ ਵੀ ਸਿਆਸੀ ਚਰਚਾਵਾਂ ਜਾਰੀ ਹਨ। ਸੁਖਬੀਰ ਸਿੰਘ ਬਾਦਲ ਨੇ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਸੀ ਕਿ ਬਹੁਤ ਜਲਦ ਸਭ ਕੁਝ ਸਪੱਸ਼ਟ ਹੋ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਨਵਰੀ 2026 ਵਿੱਚ ਪਾਰਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਇਲਾਵਾ ਬਰਜਿੰਦਰ ਸਿੰਘ ਮੱਖਣ ਬਰਾੜ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੀ ਪਾਰਟੀ ਤੋਂ ਵੱਖ ਹੋ ਚੁੱਕੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੀ ਕਮਾਨ ਸੰਭਾਲਣ ਸਮੇਂ ਆਗੂਆਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦਿਆਂ ਚਿੰਤਾ ਜਤਾਈ ਸੀ ਕਿ ਕਿਤੇ ਭਵਿੱਖ ਵਿੱਚ ਉਹ ਇਕੱਲੇ ਨਾ ਰਹਿ ਜਾਣ। ਲਗਾਤਾਰ ਹੋ ਰਹੇ ਅਸਤੀਫ਼ਿਆਂ ਨਾਲ ਪਾਰਟੀ ਦੀ ਏਕਤਾ ਅਤੇ ਅੰਦਰੂਨੀ ਸਹਿਮਤੀ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।