ਤਾਜਪੁਰ ਰੋਡ ਇਲਾਕੇ ਵਿੱਚ ਦਿਨ-ਦਿਹਾੜੇ ਪਿਸਤੌਲ ਦਿਖਾ ਕੇ ਸਕੂਟਰ ਲੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਲੁੱਟਿਆ ਗਿਆ ਟੀਵੀਐੱਸ ਜੁਪੀਟਰ ਸਕੂਟਰ ਅਤੇ ਵਾਰਦਾਤ ਵਿੱਚ ਵਰਤੀ ਕਾਲੇ ਰੰਗ ਦੀ ਸਵਿਫਟ ਕਾਰ ਬਰਾਮਦ ਕੀਤੀ ਗਈ ਹੈ, ਜਦਕਿ ਚੌਥਾ ਸਾਥੀ ਪਿਸਤੌਲ ਸਮੇਤ ਫ਼ਰਾਰ ਹੈ।

ਜਾਣਕਾਰੀ ਅਨੁਸਾਰ ਗੁਰੂ ਅਰਜਨ ਦੇਵ ਨਗਰ ਦੇ ਰਹਿਣ ਵਾਲੇ 23 ਸਾਲਾ ਪੀਯੂਸ਼ ਨੇ ਪੁਲਿਸ ਨੂੰ ਦੱਸਿਆ ਕਿ ਬੀਤੀ ਸ਼ਾਮ ਕਰੀਬ 4:30 ਵਜੇ ਉਹ ਆਪਣੇ ਦੋਸਤ ਦੇ ਸਕੂਟਰ ’ਤੇ ਜਾ ਰਿਹਾ ਸੀ। ਇਸ ਦੌਰਾਨ ਸਵਿਫਟ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਉਸ ਨੂੰ ਰਸਤੇ ਵਿੱਚ ਘੇਰ ਲਿਆ ਅਤੇ ਪਿਸਤੌਲ ਦਿਖਾ ਕੇ ਸਕੂਟਰ ਖੋਹ ਕੇ ਫ਼ਰਾਰ ਹੋ ਗਏ।

ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰਕੇ ਤਰਨਪ੍ਰੀਤ ਸਿੰਘ ਉਰਫ਼ ਤੰਨੂ, ਮਨਮੀਤ ਸਿੰਘ ਅਤੇ ਹਰਮਨ ਮਾਨ ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਮਲਕੀਤ ਸਿੰਘ ਮੁਤਾਬਕ, ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਦੋ ਅੰਮ੍ਰਿਤਸਰ ਦੇ ਛੇਹਰਟਾ ਅਤੇ ਇੱਕ ਬਾਬਾ ਬੁੱਢਾ ਜੀ ਕਾਲੋਨੀ ਦਾ ਰਹਿਣ ਵਾਲਾ ਹੈ।

ਪੁਲਿਸ ਅਨੁਸਾਰ ਚੌਥੇ ਮੁਲਜ਼ਮ ਗੁਰਜੀਤ ਸਿੰਘ ਉਰਫ਼ ਰੋਮੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਫ਼ਰਾਰ ਮੁਲਜ਼ਮ ਨੂੰ ਕਾਬੂ ਕਰਨ ਅਤੇ ਪਿਸਤੌਲ ਬਰਾਮਦ ਕਰਨ ਲਈ ਜਾਂਚ ਕਰ ਰਹੀ ਹੈ।