ਰਾਣੇ ਇਨਕਮ ਟੈਕਸ ਦਫ਼ਤਰ ਨੇੜੇ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹੈਰਾਨੀ ਦੀ ਗੱਲ ਹੈ ਕਿ ਜਿਸ ਥਾਂ ’ਤੇ ਕੂੜਾ ਇਕੱਠਾ ਹੋ ਰਿਹਾ ਹੈ, ਉੱਥੇ ਹੀ ਇਸ ਨੂੰ ਸੁੱਟਣ ’ਤੇ ਪਾਬੰਦੀ ਅਤੇ ਜੁਰਮਾਨੇ ਦੀ ਚਿਤਾਵਨੀ ਵਾਲਾ ਬੋਰਡ ਲੱਗਿਆ ਹੋਇਆ ਹੈ। ਇਸ ਦੇ ਬਾਵਜੂਦ ਗੰਦਗੀ ਦੇ ਢੇਰ ਵਿੱਚ ਆਵਾਰਾ ਕੁੱਤੇ ਮੰਡਰਾਉਂਦੇ ਰਹਿੰਦੇ ਹਨ।

ਸਥਾਨਕ ਦੁਕਾਨਦਾਰਾਂ ਅਤੇ ਵਸਨੀਕਾਂ ਦਾ ਕਹਿਣਾ ਹੈ ਕਿ ਕੂੜਾ ਚੁੱਕਣ ਦੀ ਨਿਯਮਤ ਵਿਵਸਥਾ ਨਾ ਹੋਣ ਕਾਰਨ ਸਮੱਸਿਆ ਲਗਾਤਾਰ ਬਣੀ ਹੋਈ ਹੈ। ਉਨ੍ਹਾਂ ਵੱਲੋਂ ਕਈ ਵਾਰ ਸਬੰਧਤ ਅਧਿਕਾਰੀਆਂ ਅਤੇ ਸਥਾਨਕ ਨੁਮਾਇੰਦਿਆਂ ਕੋਲ ਮਾਮਲਾ ਉਠਾਇਆ ਗਿਆ, ਪਰ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ।

ਜ਼ਿਕਰਯੋਗ ਹੈ ਕਿ ਇਸ ਥਾਂ ਦੇ ਨੇੜੇ ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਦਾ ਘਰ ਹੈ। ਇਸ ਤੋਂ ਇਲਾਵਾ ਸਕੂਲ ਅਤੇ ਹਸਪਤਾਲ ਵੀ ਸਥਿਤ ਹਨ। ਕੂੜੇ ਤੋਂ ਉੱਠਦੀ ਬਦਬੂ ਕਾਰਨ ਵਿਦਿਆਰਥੀਆਂ, ਮਰੀਜ਼ਾਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਤੁਰੰਤ ਕੂੜਾ ਚੁਕਵਾਉਣ ਅਤੇ ਨਿਯਮਤ ਸਫ਼ਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਉੱਧਰ, ਨਗਰ ਕੌਂਸਲ ਦੀ ਪ੍ਰਧਾਨ ਆਸ਼ਾ ਰਾਣੀ ਨੇ ਕਿਹਾ ਕਿ ਸਫ਼ਾਈ ਮੁਲਾਜ਼ਮਾਂ ਦੀ ਭਰਤੀ ਸਬੰਧੀ ਏਜੰਡਾ ਹਾਊਸ ਵਿੱਚ ਪਾਸ ਹੋ ਚੁੱਕਾ ਹੈ। ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਕੂੜਾ ਨਿਰਧਾਰਤ ਥਾਵਾਂ ’ਤੇ ਸੁੱਟਣ ਦੀ ਅਪੀਲ ਕੀਤੀ ਹੈ।