ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 60 ਲੱਖ ਰੁਪਏ ਦੀ ਕਥਿਤ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਕਲਾਨੌਰ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦਿਲਰਾਜ ਸਿੰਘ ਅਤੇ ਜਸਮੀਤ ਸਿੰਘ ਵਾਸੀ ਰੁੜੀਆਨਾ ਵਜੋਂ ਹੋਈ ਹੈ। ਫਿਲਹਾਲ ਦੋਵਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ।

ਸ਼ਿਕਾਇਤਕਰਤਾ ਕੁਲਦੀਪ ਸਿੰਘ ਵਾਸੀ ਹੇਮਰਾਜਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪੁੱਤਰ ਦਿਲਪ੍ਰੀਤ ਸਿੰਘ ਰੋਜ਼ਗਾਰ ਲਈ ਅਮਰੀਕਾ ਜਾਣਾ ਚਾਹੁੰਦਾ ਸੀ। ਮੁਲਜ਼ਮਾਂ ਨੇ ਉਸ ਨੂੰ ਅਮਰੀਕਾ ਭੇਜਣ ਦਾ ਭਰੋਸਾ ਦੇ ਕੇ ਬੈਂਕ ਖਾਤੇ ਰਾਹੀਂ 6.40 ਲੱਖ ਰੁਪਏ ਅਤੇ 53.60 ਲੱਖ ਰੁਪਏ ਨਕਦ ਵਸੂਲ ਕੀਤੇ।

ਸ਼ਿਕਾਇਤ ਅਨੁਸਾਰ, ਰਕਮ ਲੈਣ ਦੇ ਬਾਵਜੂਦ ਮੁਲਜ਼ਮਾਂ ਨੇ ਨਾ ਤਾਂ ਦਿਲਪ੍ਰੀਤ ਸਿੰਘ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਿਸ ਵੱਲੋਂ ਜਾਂਚ ਤੋਂ ਬਾਅਦ ਦੋਵਾਂ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।