ਦੀਵਾਲੀ ਮੌਕੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲ 24 ਘੰਟੇ ਖੁੱਲ੍ਹੇ ਰਹਿਣਗੇ। ਇਹ ਜਾਣਕਾਰੀ ਸਿਵਲ ਸਰਜਨ ਡਾ. ਸੈਲੀ ਜੇਤਲੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।
ਡਾ. ਜੇਤਲੀ ਨੇ ਲੋਕਾਂ ਨੂੰ ਪਟਾਕਿਆਂ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਟਾਕਿਆਂ ਕਾਰਨ ਹਵਾ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਟਾਕੇ ਚਲਾਏ ਜਾਂਦੇ ਹਨ ਤਾਂ ਗਰੀਨ ਪਟਾਕਿਆਂ ਦੀ ਵਰਤੋਂ ਕੀਤੀ ਜਾਵੇ ਅਤੇ ਪ੍ਰਸ਼ਾਸਨ ਵੱਲੋਂ ਨਿਰਧਾਰਤ ਸਮੇਂ ਦੀ ਪਾਲਣਾ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਕਾਰਨ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ। ਪਟਾਕਿਆਂ ਕਾਰਨ ਅੱਖ ਵਿੱਚ ਸੱਟ ਲੱਗਣ ਦੀ ਸੂਰਤ ਵਿੱਚ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।





