ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆ ਸਕਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਬੀਬੀ ਜਾਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ, ਉਹ 13 ਨਵੰਬਰ ਨੂੰ ਪਾਰਟੀ ਵਿੱਚ ਮੁੜ ਸ਼ਾਮਲ ਹੋ ਸਕਦੇ ਹਨ, ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ।
ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਬੀਬੀ ਜਾਗੀਰ ਕੌਰ ਨੇ ਅਕਾਲੀ ਦਲ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਸਨ। ਉਨ੍ਹਾਂ ਨੇ 106 ਸਾਲ ਪੁਰਾਣੀ ਆਪਣੀ ਮਾਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਅਕਾਲੀ ਦਲ-ਭਾਜਪਾ ਗਠਜੋੜ ਦੀ ਵੀ ਵਕਾਲਤ ਕੀਤੀ ਸੀ।
ਜ਼ਿਕਰਯੋਗ ਹੈ ਕਿ ਨਵੰਬਰ 2022 ਵਿੱਚ SGPC ਪ੍ਰਧਾਨਗੀ ਦੀ ਚੋਣ ਆਜ਼ਾਦ ਤੌਰ ’ਤੇ ਲੜਨ ਦੇ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਸ਼ਾਮਲ ਹੋ ਗਏ ਸਨ ਅਤੇ ਇਸ ਦੇ ਮਹਿਲਾ ਵਿੰਗ ਦੀ ਪ੍ਰਧਾਨ ਬਣੇ ਸਨ।
ਹਾਲ ਹੀ ਵਿੱਚ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਵਾਪਸੀ ਤੋਂ ਬਾਅਦ ਹੁਣ ਬੀਬੀ ਜਾਗੀਰ ਕੌਰ ਦੀ ਸੰਭਾਵਿਤ ਵਾਪਸੀ ਨੂੰ ਵੀ ਪਾਰਟੀ ਲਈ ਅਹਿਮ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ। ਜੇਕਰ ਇਹ ਵਾਪਸੀ ਹੁੰਦੀ ਹੈ ਤਾਂ ਇਸ ਨਾਲ ਬਾਦਲ ਧੜੇ ਨੂੰ ਮਜ਼ਬੂਤੀ ਮਿਲ ਸਕਦੀ ਹੈ ਅਤੇ ਅਕਾਲੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ।





