ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਦਾ ਸੂਬਾ ਕੈਡਰ ਰੱਦ ਕਰਕੇ ਮੁੜ ਜ਼ਿਲ੍ਹਾ ਕੈਡਰ ਬਹਾਲ ਕਰਨ ਦੇ ਫੈਸਲੇ ਦਾ ਪੰਜਾਬ ਸੂਬਾ ਰੈਵੇਨਿਊ ਪਟਵਾਰ ਯੂਨੀਅਨ ਨੇ ਸਵਾਗਤ ਕੀਤਾ ਹੈ। ਯੂਨੀਅਨ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।
ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਪਟਵਾਰੀਆਂ ਦਾ ਰਵਾਇਤੀ ਜ਼ਿਲ੍ਹਾ ਕੈਡਰ ਬਦਲ ਕੇ ਸੂਬਾ ਕੈਡਰ ਕਰ ਦਿੱਤਾ ਗਿਆ ਸੀ। ਇਸ ਕਾਰਨ ਭਰਤੀ, ਤਰੱਕੀਆਂ ਅਤੇ ਕਾਨੂੰਨੀ ਮਾਮਲਿਆਂ ਵਿੱਚ ਕਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਯੂਨੀਅਨ ਵੱਲੋਂ ਸਰਕਾਰ ਕੋਲ ਇਹ ਮਾਮਲਾ ਉਠਾਏ ਜਾਣ ਤੋਂ ਬਾਅਦ ਜ਼ਿਲ੍ਹਾ ਕੈਡਰ ਮੁੜ ਬਹਾਲ ਕੀਤਾ ਗਿਆ ਹੈ ਅਤੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ।
ਯੂਨੀਅਨ ਨੇ ਸਰਕਾਰ ਵੱਲੋਂ 1,001 ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਫੈਸਲੇ ਦਾ ਵੀ ਸਵਾਗਤ ਕੀਤਾ। ਇਸ ਦੇ ਨਾਲ ਹੀ ਬਲਰਾਜ ਸਿੰਘ ਔਜਲਾ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਅਤੇ ਮਾਲ ਵਿਭਾਗ ਦੇ ਤਕਨੀਕੀ ਕੰਮਾਂ ਨੂੰ ਧਿਆਨ ਵਿੱਚ ਰੱਖਦਿਆਂ ਢੁਕਵਾਂ ਟੈਕਨੀਕਲ ਪੇਅ ਸਕੇਲ ਦੇਣ ਦੀ ਮੰਗ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਯੂਨੀਅਨ ਦੇ ਵੱਖ-ਵੱਖ ਸੂਬਾਈ ਅਤੇ ਜ਼ਿਲ੍ਹਾ ਪੱਧਰੀ ਨੁਮਾਇੰਦੇ ਵੀ ਮੌਜੂਦ ਰਹੇ। ਯੂਨੀਅਨ ਨੇ ਉਮੀਦ ਜਤਾਈ ਕਿ ਸਰਕਾਰ ਪਟਵਾਰੀਆਂ ਦੀਆਂ ਬਾਕੀ ਮੰਗਾਂ ਦਾ ਵੀ ਜਲਦ ਹੱਲ ਕਰੇਗੀ।





