ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਡੋਨੀ ਬਲ-ਪ੍ਰਭ ਦਾਸੂਵਾਲ ਗੈਂਗ ਦੇ ਮੁੱਖ ਗੈਂਗਸਟਰ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਲਿਆ ਹੈ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਦੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (OFTEC) ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਕੀਤੀ ਗਈ।
ਪੁਲਿਸ ਅਨੁਸਾਰ, 'ਆਪ੍ਰੇਸ਼ਨ ਸ਼ਹੀਦ' ਤਹਿਤ ਕਰੀਬ 10 ਮਹੀਨਿਆਂ ਤੋਂ ਉਸ ਦੀ ਅੰਤਰਰਾਸ਼ਟਰੀ ਪੱਧਰ ’ਤੇ ਭਾਲ ਕੀਤੀ ਜਾ ਰਹੀ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ਵਿੱਚ ਬੈਠ ਕੇ ਪੰਜਾਬ ਵਿੱਚ ਕਥਿਤ ਤੌਰ ’ਤੇ ਨਿਸ਼ਾਨਾ ਬਣਾ ਕੇ ਕਤਲ, ਫਿਰੌਤੀ ਅਤੇ ਹੋਰ ਸੰਗਠਿਤ ਅਪਰਾਧਿਕ ਗਤੀਵਿਧੀਆਂ ਚਲਾ ਰਿਹਾ ਸੀ। ਉਹ ਕਰੀਬ 30 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ।
ਪੁਲਿਸ ਮੁਤਾਬਕ, ਗੈਂਗਸਟਰ ਦੀ ਭਾਲ ਲਈ ਏਸ਼ੀਆ, ਦੱਖਣੀ ਅਮਰੀਕਾ ਅਤੇ ਅਫਰੀਕਾ ਦੇ ਵੱਖ-ਵੱਖ ਦੇਸ਼ਾਂ ਵਿੱਚ ਖੁਫੀਆ ਜਾਣਕਾਰੀ ਇਕੱਠੀ ਕੀਤੀ ਗਈ। ਇਸ ਮੁਹਿੰਮ ਵਿੱਚ ਵਿਦੇਸ਼ ਮੰਤਰਾਲੇ ਅਤੇ ਹੋਰ ਕੇਂਦਰੀ ਏਜੰਸੀਆਂ ਨੇ ਵੀ ਸਹਿਯੋਗ ਦਿੱਤਾ। ਪੰਜਾਬ ਪੁਲਿਸ ਨੇ ਕਿਹਾ ਕਿ ਗੈਂਗਸਟਰ ਨੈੱਟਵਰਕਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਅੱਗੇ ਵੀ ਜਾਰੀ ਰਹੇਗੀ।





