ਜਾਪਾਨ ਵਿੱਚ ਐਤਵਾਰ ਤੜਕੇ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਮੱਧ ਜਾਪਾਨ ਵਿੱਚ 5.7 ਤੀਬਰਤਾ ਦਾ ਭੂਚਾਲ ਆਉਣ ਕਾਰਨ ਸੁੱਤੇ ਪਏ ਲੋਕ ਘਰਾਂ ਵਿੱਚੋਂ ਬਾਹਰ ਨਿਕਲ ਆਏ। ਹਾਲਾਂਕਿ, ਜਾਪਾਨੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ।

ਜਾਣਕਾਰੀ ਅਨੁਸਾਰ, ਭੂਚਾਲ ਸਥਾਨਕ ਸਮੇਂ ਮੁਤਾਬਕ ਸਵੇਰੇ 1:04 ਵਜੇ ਆਇਆ, ਜਿਸ ਦਾ ਕੇਂਦਰ ਪੱਛਮੀ ਸ਼ਿਜ਼ੂਓਕਾ ਪ੍ਰੀਫੈਕਚਰ ਵਿੱਚ ਸੀ। ਆਈਚੀ ਪ੍ਰੀਫੈਕਚਰ ਦੇ ਚੀਤਾ ਸ਼ਹਿਰ ਵਿੱਚ ਜਾਪਾਨੀ ਭੂਚਾਲ ਪੈਮਾਨੇ ’ਤੇ 5 ਤੋਂ ਉੱਪਰ ਦੀ ਤੀਬਰਤਾ ਦੇ ਝਟਕੇ ਦਰਜ ਕੀਤੇ ਗਏ।

ਜਾਪਾਨ ਦੀ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਭੂਚਾਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੁਕਸਾਨ ਦਾ ਮੁਲਾਂਕਣ ਕਰਨ ਅਤੇ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਲਈ ਕੰਮ ਕਰ ਰਹੀ ਹੈ।

ਭੂਚਾਲ ਤੋਂ ਤੁਰੰਤ ਬਾਅਦ ਸਰਕਾਰ ਨੇ ਐਮਰਜੈਂਸੀ ਪ੍ਰੋਟੋਕੋਲ ਲਾਗੂ ਕਰਦਿਆਂ ਪ੍ਰਧਾਨ ਮੰਤਰੀ ਦਫ਼ਤਰ ਦੇ ਸੰਕਟ ਪ੍ਰਬੰਧਨ ਕੇਂਦਰ ਵਿੱਚ ਵਿਸ਼ੇਸ਼ ਸੰਪਰਕ ਦਫ਼ਤਰ ਸਥਾਪਤ ਕੀਤਾ। ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਆਉਣ ਵਾਲੇ ਸਮੇਂ ਵਿੱਚ ਸੰਭਾਵਿਤ ਭੂਚਾਲ ਦੇ ਝਟਕਿਆਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਹੈ।