ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਐੱਨਡੀਏ ਸਰਕਾਰ ਬਣਾਉਣ ਦੇ ਬਿਆਨਾਂ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਸਿਆਸੀ ਸਮਝੌਤੇ ਨੂੰ ਲੈ ਕੇ ਚਰਚਾਵਾਂ ਜ਼ੋਰ ਫੜ ਰਹੀਆਂ ਹਨ।
ਮੀਡੀਆ ਰਿਪੋਰਟਾਂ ਅਨੁਸਾਰ, ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਜਾਰੀ ਹੈ। ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ 45 ਤੋਂ 50 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਮੰਗ ਕਰ ਸਕਦੀ ਹੈ, ਜਦਕਿ ਬਾਕੀ ਸੀਟਾਂ ਅਕਾਲੀ ਦਲ ਦੇ ਹਿੱਸੇ ਆਉਣ ਦੀ ਸੰਭਾਵਨਾ ਹੈ। ਗੱਠਜੋੜ ਦਾ ਰਸਮੀ ਐਲਾਨ ਦੀਵਾਲੀ ਤੋਂ ਬਾਅਦ ਹੋਣ ਦੀ ਚਰਚਾ ਹੈ।
ਹਾਲਾਂਕਿ, ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰਨ ਦਾ ਅਧਿਕਾਰਤ ਤੌਰ ’ਤੇ ਦਾਅਵਾ ਕਰ ਰਹੀ ਹੈ। ਦੂਜੇ ਪਾਸੇ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਗੱਠਜੋੜ ਦੀਆਂ ਸੰਭਾਵਨਾਵਾਂ
ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ। ਉਨ੍ਹਾਂ ਕਿਹਾ ਸੀ ਕਿ 'ਆਪ' ਅਤੇ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਹੋਵੇਗਾ, ਜਦਕਿ ਉਨ੍ਹਾਂ ਦੀ ਪਾਰਟੀ ਦੀ ਵਿਚਾਰਧਾਰਾ ਨਾਲ ਸਹਿਮਤ ਹੋਣ ਵਾਲੀਆਂ ਪਾਰਟੀਆਂ ਲਈ ਦਰਵਾਜ਼ੇ ਖੁੱਲ੍ਹੇ ਹਨ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਸਤੰਬਰ 2020 ਤੱਕ ਲੰਬੇ ਸਮੇਂ ਤੋਂ ਸਿਆਸੀ ਭਾਈਵਾਲ ਰਹੇ ਸਨ। ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਐੱਨਡੀਏ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਸੀ। ਹੁਣ 2027 ਦੀਆਂ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਾਲੇ ਮੁੜ ਨੇੜਤਾ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਸੀਟਾਂ ਦੀ ਵੰਡ ਅਤੇ ਮੁੱਖ ਮੰਤਰੀ ਦੇ ਅਹੁਦੇ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਦੋਵਾਂ ਪਾਰਟੀਆਂ ਦੇ ਅਗਲੇ ਕਦਮਾਂ ’ਤੇ ਪੰਜਾਬ ਦੀ ਸਿਆਸਤ ਵਿੱਚ ਨਜ਼ਰਾਂ ਟਿਕੀਆਂ ਹੋਈਆਂ ਹਨ।





