ਮਹਾਨਗਰ ਵਿੱਚ ਇੱਕ ਵਿਆਹੁਤਾ ਔਰਤ ਦੇ ਅਚਾਨਕ ਘਰੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘੰਟਾ ਘਰ ਪੁਲ ਦੇ ਹੇਠਾਂ ਕੱਪੜਿਆਂ ਦੀ ਦੁਕਾਨ ਚਲਾਉਣ ਵਾਲੀ ਪੂਜਾ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਵਾਪਸ ਨਹੀਂ ਪਰਤੀ। ਪਰਿਵਾਰ ਵੱਲੋਂ ਭਾਲ ਕਰਨ ਦੇ ਬਾਵਜੂਦ ਉਸ ਦਾ ਕੋਈ ਸੁਰਾਗ ਨਾ ਮਿਲਣ ’ਤੇ ਪਤੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।
ਐਲਡੀਕੋ ਚੌਕੀ ਇੰਚਾਰਜ ਕਰਨਜੀਤ ਸਿੰਘ ਅਨੁਸਾਰ, ਪੂਜਾ ਦੇ ਪਤੀ ਅਸ਼ਿਕ ਕੁਮਾਰ ਵਾਸੀ ਜੱਸੀਆਂ, ਨਿਊ ਗੁਰਨਾਮ ਨਗਰ ਨੇ ਦੱਸਿਆ ਕਿ ਉਸ ਦੀ ਪਤਨੀ ਬੀਤੇ ਦਿਨੀਂ ਅਚਾਨਕ ਘਰੋਂ ਲਾਪਤਾ ਹੋ ਗਈ। ਪਤੀ ਨੇ ਸ਼ੱਕ ਜਤਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੀ ਪਤਨੀ ਨੂੰ ਆਪਣੇ ਮਨੋਰਥ ਲਈ ਲੁਕਾ ਕੇ ਰੱਖਿਆ ਹੋ ਸਕਦਾ ਹੈ। ਪੁਲਿਸ ਨੇ ਅਸ਼ਿਕ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਔਰਤ ਦੀ ਭਾਲ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।





