ਸ਼ਹਿਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ 5 ਕਰੋੜ 85 ਲੱਖ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੀਬ 15.5 ਕਿਲੋਮੀਟਰ ਲੰਬੀਆਂ ਪਾਈਪਾਂ ਵਿਛਾਈਆਂ ਗਈਆਂ ਹਨ, ਜਿਸ ਨਾਲ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।
ਇਸ ਮੌਕੇ ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਸਮਰਾਲਾ ਵਿੱਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਤਿੰਨ ਕਰੋੜ ਰੁਪਏ ਦਾ ਇੱਕ ਹੋਰ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੰਦਰ ਨੇੜੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਅਗਲੇ ਕੁਝ ਦਿਨਾਂ ਵਿੱਚ ਟੈਂਡਰ ਜਾਰੀ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਰੋਡ ’ਤੇ 40 ਲੱਖ ਰੁਪਏ ਦੇ ਵਿਕਾਸ ਕਾਰਜ ਅਤੇ ਬੋਂਦਲ ਰੋਡ ’ਤੇ 70 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇੱਕ ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਲਈ ਟੈਂਡਰ ਤਿਆਰ ਹਨ।
ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਨਵੇਂ ਪ੍ਰੋਜੈਕਟ ਲਿਆਂਦੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਮੁੜ ਸੇਵਾ ਦਾ ਮੌਕਾ ਮਿਲਣ ’ਤੇ ਸ਼ਹਿਰ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ।





