ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਮਲੋਹ ਤੋਂ ਸੂਬੇ ਵਿੱਚ ਬਣਾਏ ਜਾ ਰਹੇ 1,000 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਨਾਲ ਸੂਬੇ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਤੀਜੇ ਪੜਾਅ ਦੀ ਸ਼ੁਰੂਆਤ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਸਹੂਲਤਾਂ ਵਧਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਪਹਿਲੇ ਪੜਾਅ ਵਿੱਚ 255 ਅਤੇ ਦੂਜੇ ਪੜਾਅ ਵਿੱਚ 509 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਸਰਕਾਰ ਅਨੁਸਾਰ ਇਸ ਪਹਿਲ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੌਕੇ ਮੁਹੱਈਆ ਕਰਵਾਉਣਾ, ਖਿਡਾਰੀਆਂ ਨੂੰ ਸਹੂਲਤਾਂ ਦੇਣਾ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ।





