ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਅਤੇ BSF ਨਾਲ ਸਾਂਝੇ ਆਪ੍ਰੇਸ਼ਨਾਂ ਦੌਰਾਨ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਤਿੰਨ ਨਾਬਾਲਗ ਵੀ ਸ਼ਾਮਲ ਹਨ। ਪੁਲਿਸ ਨੇ ਇੱਕ RPG ਲਾਂਚਰ, ਦੋ ਗਲੌਕ ਪਿਸਤੌਲਾਂ, 106 ਕਾਰਤੂਸ ਅਤੇ 15 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। DGP ਗੌਰਵ ਯਾਦਵ ਅਨੁਸਾਰ ਬਰਾਮਦ ਨਸ਼ੀਲੇ ਪਦਾਰਥਾਂ ਵਿੱਚ 7.904 ਕਿਲੋ ਹੈਰੋਇਨ, 5.152 ਕਿਲੋ ਅਫ਼ੀਮ ਅਤੇ 2.3 ਕਿਲੋ ICE ਸ਼ਾਮਲ ਹੈ। ਇਸ ਤੋਂ ਇਲਾਵਾ ਇੱਕ ਡਰੋਨ, GPS ਟ੍ਰੈਕਰ ਅਤੇ ਪੰਜ ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ।
ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਮੁਲਜ਼ਮਾਂ ਦੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਸੰਪਰਕ ਹੋਣ ਦਾ ਖੁਲਾਸਾ ਹੋਇਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਦੀਆਂ ਖੇਪਾਂ ਮੰਗਵਾਈਆਂ ਜਾਂਦੀਆਂ ਸਨ ਅਤੇ ਉਨ੍ਹਾਂ ਦੀ ਅੱਗੇ ਸਪਲਾਈ ਕੀਤੀ ਜਾਂਦੀ ਸੀ। ਪੁਲਿਸ ਨੇ ਦੱਸਿਆ ਕਿ ਵੱਖ-ਵੱਖ ਕਾਰਵਾਈਆਂ ਦੌਰਾਨ RPG ਲਾਂਚਰ, ਪਿਸਤੌਲ ਅਤੇ ICE ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਸਰਹੱਦੀ ਇਲਾਕਿਆਂ ਵਿੱਚ ਤਲਾਸ਼ੀ ਦੌਰਾਨ ਹੈਰੋਇਨ ਅਤੇ ਅਫ਼ੀਮ ਦੀਆਂ ਖੇਪਾਂ ਵੀ ਮਿਲੀਆਂ। ਇਸ ਮਾਮਲੇ ਵਿੱਚ ਵਿਸਫੋਟਕ ਪਦਾਰਥ ਐਕਟ, ਅਸਲਾ ਐਕਟ ਅਤੇ NDPS ਐਕਟ ਤਹਿਤ ਪੰਜ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਲਈ ਜਾਂਚ ਜਾਰੀ ਹੈ।





