ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ’ਤੇ ਇੱਕ ਮਹੀਨੇ ਲਈ ਸੰਗਤ ਵਿੱਚ ਕੀਰਤਨ ਕਰਨ ’ਤੇ ਰੋਕ ਲਗਾਈ ਗਈ ਹੈ। ਇਹ ਪਾਬੰਦੀ 13 ਨਵੰਬਰ ਤੋਂ 12 ਦਸੰਬਰ 2026 ਤੱਕ ਲਾਗੂ ਰਹੇਗੀ। ਦੋਵਾਂ ਜਥਿਆਂ ਵਿਚਕਾਰ ਚੱਲ ਰਹੇ ਵਿਵਾਦ ਅਤੇ ਸੰਗਤ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਇਹ ਫ਼ੈਸਲਾ ਲਿਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਦੋਵਾਂ ਕੀਰਤਨੀ ਜਥਿਆਂ ਦੇ ਮੈਂਬਰਾਂ ਨੂੰ ਇੱਕ ਮਹੀਨੇ ਲਈ ਧਾਰਮਿਕ ਸਿੱਖਿਆ ਅਤੇ ਗੁਰਮਤਿ ਸੰਗੀਤ ਦੀ ਜਾਣਕਾਰੀ ਹਾਸਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਭਾਈ ਜਗਜੀਤ ਸਿੰਘ ਬਬੀਹਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਪ੍ਰਾਪਤ ਕਰਨਗੇ।
ਇਸ ਦੇ ਨਾਲ ਹੀ ਦੋਵਾਂ ਨੂੰ ਨਿਮਰਤਾ ਅਤੇ ਸੇਵਾ ਭਾਵਨਾ ਲਈ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਸਵੇਰੇ-ਸ਼ਾਮ ਸੇਵਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇੱਕ ਮਹੀਨੇ ਬਾਅਦ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਦੋਵਾਂ ਨੂੰ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣਾ ਪਵੇਗਾ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਕਰਨ ਵਾਲੇ ਵਿਅਕਤੀ ਵਿੱਚ ਨਿਮਰਤਾ, ਗੁਰੂ ਪ੍ਰਤੀ ਸ਼ਰਧਾ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਸੰਗੀਤ ਦੀ ਸਮਝ ਹੋਣੀ ਜ਼ਰੂਰੀ ਹੈ। ਸਕੱਤਰੇਤ ਅਨੁਸਾਰ ਦੋਵਾਂ ਜਥਿਆਂ ਵੱਲੋਂ ਕੀਰਤਨ ਦੀ ਮਰਯਾਦਾ ਦੀ ਉਲੰਘਣਾ ਕਰਨ ਅਤੇ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਕਾਰਨ ਸੰਗਤ ਅਤੇ ਪੁਰਾਤਨ ਕੀਰਤਨੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।





