ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਕਈ ਰਾਹਤਾਂ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਛੋਟੇ ਦੁਕਾਨਦਾਰਾਂ ਨੂੰ ਬਿਜਲੀ ਦੇ ਬਿੱਲਾਂ ਵਿੱਚ ਵਿਸ਼ੇਸ਼ ਰਿਆਇਤ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰਾਂ ਤੋਂ ਮੁਕਤ ਕਰਵਾਇਆ ਜਾਵੇਗਾ।

ਸੁਖਬੀਰ ਬਾਦਲ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਚੁੱਕਦਿਆਂ ਕਿਹਾ, ''ਮੈਂ ਪੰਜਾਬ ਦਾ ਲਾਅ ਐਂਡ ਆਰਡਰ ਇੱਕ ਦਿਨ ਵਿੱਚ ਠੀਕ ਕਰ ਦੇਵਾਂਗਾ।'' ਉਨ੍ਹਾਂ ਦਾਅਵਾ ਕੀਤਾ ਕਿ ਪ੍ਰਸ਼ਾਸਨ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਦੇ ਕੇ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰ ਪੰਜਾਬ ਦੀ ਆਰਥਿਕਤਾ ਦਾ ਅਹਿਮ ਹਿੱਸਾ ਹਨ ਅਤੇ ਬਿਜਲੀ ਦੇ ਵਧਦੇ ਖਰਚਿਆਂ ਸਮੇਤ ਸਰਕਾਰੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਜਿਹਾ ਮਾਹੌਲ ਬਣਾਉਣ ਦਾ ਵਾਅਦਾ ਕੀਤਾ ਗਿਆ ਹੈ, ਜਿਸ ਵਿੱਚ ਛੋਟੇ ਵਪਾਰੀਆਂ ਨੂੰ ਅਧਿਕਾਰੀਆਂ ਵੱਲੋਂ ਬਿਨਾਂ ਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ।

ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਸਿੱਖਿਆ ਖੇਤਰ ਵਿੱਚ ਵੀ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅੱਠਵੀਂ ਜਮਾਤ ਤੋਂ ਬਾਅਦ ਹਰ ਸਕੂਲ ਵਿੱਚ ਕਿੱਤਾਮੁਖੀ ਅਤੇ ਸਕਿੱਲ ਟ੍ਰੇਨਿੰਗ ਸ਼ੁਰੂ ਕੀਤੀ ਜਾਵੇਗੀ। ਇਸ ਦਾ ਮਕਸਦ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਤਕਨੀਕੀ ਹੁਨਰ ਸਿਖਾਉਣਾ ਅਤੇ ਰੁਜ਼ਗਾਰ ਦੇ ਮੌਕਿਆਂ ਲਈ ਤਿਆਰ ਕਰਨਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਰਫ਼ ਡਿਗਰੀਆਂ ਤੱਕ ਸੀਮਤ ਰੱਖਣ ਦੀ ਬਜਾਏ ਅਜਿਹੀ ਸਿੱਖਿਆ ਦੇਣ ਦੀ ਲੋੜ ਹੈ, ਜਿਸ ਨਾਲ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣ ਸਕਣ।