ਸ੍ਰੀ ਅਨੰਦਪੁਰ ਸਾਹਿਬ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਪੰਜਾਬ ਦਾ ਸਭ ਤੋਂ ਸਵੱਛ ਸ਼ਹਿਰ ਐਲਾਨਿਆ ਗਿਆ ਹੈ। ਇਸ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਪੁਰਸਕਾਰ ਪ੍ਰਾਪਤ ਕੀਤਾ।

ਸਵੱਛ ਸਰਵੇਖਣ 2025-26 ਦੇ 10ਵੇਂ ਸੰਸਕਰਣ ਵਿੱਚ ਦੇਸ਼ ਭਰ ਦੀਆਂ 4,751 ਤੋਂ ਵੱਧ ਸ਼ਹਿਰੀ ਸਥਾਨਕ ਇਕਾਈਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ 63 ਇਕਾਈਆਂ ਨੂੰ ਸਫ਼ਾਈ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।

ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਦਾ ਸਿਹਰਾ ਸ਼ਹਿਰ ਦੇ ਵਸਨੀਕਾਂ, ਸਫ਼ਾਈ ਕਰਮਚਾਰੀਆਂ, ਨਗਰ ਕੌਂਸਲ ਅਤੇ ਵਲੰਟੀਅਰਾਂ ਦੇ ਸਾਂਝੇ ਯਤਨਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਸਫ਼ਾਈ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਕਾਰਨ ਇਹ ਸਨਮਾਨ ਹੋਰ ਵੀ ਖ਼ਾਸ ਹੈ, ਕਿਉਂਕਿ ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਅਤੇ ਸੈਲਾਨੀ ਪਹੁੰਚਦੇ ਹਨ। ਸ਼ਹਿਰ ਵਿੱਚ ਸੜਕਾਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਦੇ ਨਾਲ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਸਨਮਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ​​ਕਰਨ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਸਵੱਛ ਭਾਰਤ ਮਿਸ਼ਨ ਦੀ ਸਟੇਟ ਮਿਸ਼ਨ ਡਾਇਰੈਕਟਰ ਅਤੇ ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ ਅਤੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਵੀ ਮੌਜੂਦ ਸਨ।