ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਅਧੀਨ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ 23 ਨਵੰਬਰ ਤੋਂ ਸੂਬੇ ਭਰ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਜਥੇਬੰਦੀ ਨੇ ਸਰਕਾਰ ਨੂੰ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।
ਪੰਜਾਬ ਏਡਜ਼ ਕੰਟਰੋਲ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਉਲ ਨੇ ਦੱਸਿਆ ਕਿ ਮੈਡੀਕਲ ਸੰਘਰਸ਼ ਕਮੇਟੀ ਪੰਜਾਬ ਦੀ ਸਿਹਤ ਮੰਤਰੀ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨਾਲ ਹੋਈ ਬੈਠਕ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਕੋਈ ਸਹਿਮਤੀ ਨਹੀਂ ਬਣੀ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਬਿਨਾਂ ਸ਼ਰਤ ਰੈਗੂਲਰ ਕਰਨਾ ਅਤੇ ਦਿੱਲੀ ਦੀ ਤਰਜ਼ ’ਤੇ ਤਨਖ਼ਾਹਾਂ ਵਿੱਚ 20 ਫ਼ੀਸਦੀ ਵਾਧਾ ਕਰਨਾ ਸ਼ਾਮਲ ਹੈ।
ਦਿਉਲ ਨੇ ਕਿਹਾ ਕਿ ਸਾਲ 2023 ਦੀ ਮੁਲਾਜ਼ਮ ਨੀਤੀ ਤਹਿਤ ਵੈਰੀਫਿਕੇਸ਼ਨ ਹੋਣ ਦੇ ਬਾਵਜੂਦ ਏਡਜ਼ ਕੰਟਰੋਲ ਕਾਮਿਆਂ ਨੂੰ ਮੌਜੂਦਾ ਨੀਤੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਤਨਖ਼ਾਹ ਵਾਧੇ ਦਾ ਵਾਅਦਾ ਕਰਨ ਦੇ ਬਾਵਜੂਦ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ। ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 1 ਦਸੰਬਰ, ਵਿਸ਼ਵ ਏਡਜ਼ ਦਿਵਸ ਤੱਕ ਰੈਗੂਲਰ ਕਰਨ ਅਤੇ ਤਨਖ਼ਾਹ ਵਾਧੇ ਸਬੰਧੀ ਅਧਿਕਾਰਤ ਪੱਤਰ ਜਾਰੀ ਨਾ ਹੋਇਆ ਤਾਂ ਮੁਲਾਜ਼ਮ ਸੂਬਾ ਪੱਧਰ ’ਤੇ ਪੱਕਾ ਧਰਨਾ ਸ਼ੁਰੂ ਕਰਨਗੇ।





