ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ ਲਈ ਚੋਣ ਕਮਿਸ਼ਨ ਨੇ ਅਧਿਕਾਰਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਧਰਮਕੋਟ ਦੀਆਂ 7 ਅਤੇ ਬਾਘਾਪੁਰਾਣਾ ਦੀਆਂ 15 ਸੀਟਾਂ ’ਤੇ ਵੀ ਚੋਣਾਂ ਹੋਣਗੀਆਂ। ਪਟਿਆਲਾ ਵਿੱਚ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ।

ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 13 ਨਵੰਬਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 13, 17, 18 ਅਤੇ 19 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਦਾਖ਼ਲ ਕਰ ਸਕਣਗੇ। 19 ਨਵੰਬਰ ਨਾਮਜ਼ਦਗੀ ਭਰਨ ਦੀ ਆਖ਼ਰੀ ਤਰੀਕ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਨਾਮ ਵਾਪਸ ਲੈ ਸਕਣਗੇ।

ਜ਼ਿਕਰਯੋਗ ਹੈ ਕਿ ਇਹ ਮੁੜ ਚੋਣਾਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਰਵਾਈਆਂ ਜਾ ਰਹੀਆਂ ਹਨ। ਪਿਛਲੀਆਂ ਨਗਰ ਨਿਗਮ ਚੋਣਾਂ ਦੌਰਾਨ ਕਥਿਤ ਬੇਨਿਯਮੀਆਂ ਦੇ ਮੱਦੇਨਜ਼ਰ ਪਹਿਲਾਂ 28 ਵਾਰਡਾਂ ਵਿੱਚ ਮੁੜ ਚੋਣਾਂ ਦੇ ਹੁਕਮ ਦਿੱਤੇ ਗਏ ਸਨ। ਬਾਅਦ ਵਿੱਚ 16 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਵਾਰਡ ਨੰਬਰ 15 ਅਤੇ 58 ਨੂੰ ਵੀ ਇਸ ਵਿੱਚ ਸ਼ਾਮਲ ਕਰ ਲਿਆ ਸੀ।

ਇਸ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨਾਂ ਰਾਹੀਂ ਕੁੱਲ 30 ਵਾਰਡਾਂ ਵਿੱਚ ਮੁੜ ਚੋਣਾਂ ਦਾ ਰਾਹ ਪੱਧਰਾ ਹੋਇਆ। ਚੋਣ ਸ਼ਡਿਊਲ ਜਾਰੀ ਹੋਣ ਨਾਲ ਪਟਿਆਲਾ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।