ਬਟਾਲਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਦੋ ਵੱਖ-ਵੱਖ ਕਾਰਵਾਈਆਂ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕੁੱਲ 8 ਪਿਸਤੌਲ, 1 ਕਿਲੋ 970 ਗ੍ਰਾਮ ਹੈਰੋਇਨ, 63 ਜ਼ਿੰਦਾ ਕਾਰਤੂਸ, 6 ਮੈਗਜ਼ੀਨ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ।
ਪੁਲਿਸ ਲਾਈਨ ਬਟਾਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਪਹਿਲੀ ਕਾਰਵਾਈ 19 ਸਤੰਬਰ ਨੂੰ ਗਾਂਧੀ ਕੈਂਪ ਵਿੱਚ ਹੋਈ ਫਾਇਰਿੰਗ ਦੀ ਘਟਨਾ ਨਾਲ ਸਬੰਧਤ ਹੈ, ਜਿਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ ਸੀ। ਇਸ ਮਾਮਲੇ ਵਿੱਚ ਪਹਿਲਾਂ ਇੱਕ ਮੁਲਜ਼ਮ ਵਿਸ਼ਾਲ ਉਰਫ਼ ਸ਼ਾਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁਲਿਸ ਨੇ 11 ਨਵੰਬਰ ਨੂੰ ਕਪੂਰਥਲਾ ਵਿੱਚ ਕਾਰਵਾਈ ਕਰਦਿਆਂ ਸਾਜਨ ਉਰਫ਼ ਲੌਂਡਾ, ਲਵ ਉਰਫ਼ ਬੀਂਡਾ ਅਤੇ ਸਾਵਰ ਉਰਫ਼ ਸਾਬਰ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ ਪੰਜ ਪਿਸਤੌਲ ਅਤੇ 13 ਕਾਰਤੂਸ ਬਰਾਮਦ ਹੋਏ। ਪੁਲਿਸ ਮੁਤਾਬਕ ਮੁਲਜ਼ਮਾਂ ਵਿਚਕਾਰ ਪੁਰਾਣੀ ਨਿੱਜੀ ਰੰਜਿਸ਼ ਸੀ ਅਤੇ ਉਨ੍ਹਾਂ ਦਾ ਇੱਕ ਹੋਰ ਘਰ ਵਿੱਚ ਦਾਖ਼ਲ ਹੋ ਕੇ ਭੰਨਤੋੜ ਤੇ ਫਾਇਰਿੰਗ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਦੂਜੀ ਕਾਰਵਾਈ ਦੌਰਾਨ ਬਟਾਲਾ ਪੁਲਿਸ ਅਤੇ ਬੀਐੱਸਐੱਫ ਨੇ ਡੇਰਾ ਬਾਬਾ ਨਾਨਕ ਦੇ ਖੇਤਾਂ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ 1.970 ਕਿਲੋ ਹੈਰੋਇਨ, ਤਿੰਨ ਪਿਸਤੌਲ, 50 ਕਾਰਤੂਸ, ਛੇ ਮੈਗਜ਼ੀਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਗਿਆ। ਪੁਲਿਸ ਅਨੁਸਾਰ ਹੈਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਸੀ।
ਪੁਲਿਸ ਨੇ ਦੱਸਿਆ ਕਿ ਸਾਜਨ ਖ਼ਿਲਾਫ਼ ਪਹਿਲਾਂ ਵੀ 12 ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਲਵ ਅਤੇ ਸਾਵਰ ਖ਼ਿਲਾਫ਼ ਛੇ-ਛੇ ਮਾਮਲੇ ਦਰਜ ਹਨ। ਡੇਰਾ ਬਾਬਾ ਨਾਨਕ ਤੋਂ ਬਰਾਮਦਗੀ ਦੇ ਮਾਮਲੇ ਵਿੱਚ ਅਜੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਤਸਕਰੀ ਨੈੱਟਵਰਕ ਦੀ ਜਾਂਚ ਜਾਰੀ ਹੈ।





